ਚੰਡੀਗੜ੍ਹ 22 ਦਸੰਬਰ ,ਬੋਲੇ ਪੰਜਾਬ ਬਿਊਰੋ :
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਦੀ ਜਾਨ ਬਚਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਰਾਹੀਂ ਲਿਖਿਆ ਹੈ ਕਿ ਕਿਸਾਨ ਆਗੂ ਡੱਲੇਵਾਲ ਦਾ ਜੀਵਨ ਸਮੁੱਚੇ ਭਾਰਤ ਦੇ ਕਿਸਾਨਾਂ ਲਈ ਬਹੁਤ ਅਹਿਮ ਹੈ। ਜਿਨ੍ਹਾਂ ਮੰਗਾਂ ਨੂੰ ਲੈ ਕੇ ਉਹ ਮਰਨ ਵਰਤ ‘ਤੇ ਹਨ, ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਨੇ ਮੰਨ ਲਈਆਂ ਹਨ, ਪਰ ਫਿਰ ਵੀ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਭਾਵੇਂ ਕਈ ਖੇਤਰਾਂ ਵਿੱਚ ਤਰੱਕੀ ਹੋਈ ਹੈ ਪਰ ਕਿਸਾਨਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੇ ਬਾਵਜੂਦ, ਕਿਸਾਨ ਅਜੇ ਵੀ ਨਾਕਾਫ਼ੀ ਵਿੱਤੀ ਸਹਾਇਤਾ ਨਾਲ ਸੰਘਰਸ਼ ਕਰ ਰਹੇ ਹਨ। ਜਿਨ੍ਹਾਂ ਨੂੰ ਅਜੇ ਤੱਕ ਉਨ੍ਹਾਂ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਨਹੀਂ ਮਿਲਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਉਦਯੋਗਾਂ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੇ 16 ਲੱਖ ਕਰੋੜ ਰੁਪਏ ਦੇ ਬਕਾਏ ਮੁਆਫ ਕਰ ਦਿੱਤੇ ਹਨ। ਜੋ ਸ਼ਾਇਦ ਕਿਸੇ ਵੱਡੇ ਲੋਕਾਂ ਦੇ ਸਨ। ਪਰ 80 ਕਰੋੜ ਛੋਟੇ ਕਿਸਾਨਾਂ ਦਾ 10 ਤੋਂ 12 ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ਜਾ ਰਿਹਾ, ਜੋ ਕਿ ਮੁਆਫ਼ ਹੋਣਾ ਚਾਹੀਦਾ ਹੈ। ਕਿਉਂਕਿ ਜੇਕਰ ਦੇਸ਼ ਦੇ ਕਿਸਾਨ ਖੇਤਾਂ ਵਿੱਚ ਕੰਮ ਕਰਨ ਤਾਂ ਉਹ ਦੇਸ਼ ਦਾ ਢਿੱਡ ਭਰ ਸਕਦੇ ਹਨ।