ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜੁਰਮਾਨਾ ਲਾਉਣ ਦੀ ਤਿਆਰੀ
ਚੰਡੀਗੜ੍ਹ, 29 ਦਸੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ, ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਸ਼ੋਅ ‘ਤੇ ਰੌਲੇ-ਰੱਪੇ ਦਾ ਪੱਧਰ ਉੱਚਾ ਪਾਇਆ ਗਿਆ।ਇਸ ਉਲੰਘਣਾ ਤੋਂ ਬਾਅਦ ਪ੍ਰਸ਼ਾਸਨ ਹੁਣ ਵੱਧ ਤੋਂ ਵੱਧ ਜੁਰਮਾਨਾ ਲਾਉਣ ਦੀ ਤਿਆਰੀ ਕਰ ਰਿਹਾ ਹੈ।ਸਬੰਧਤ ਖੇਤਰ ਦੇ ਉਪ ਮੰਡਲ ਮੈਜਿਸਟਰੇਟ ਨੇ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਵਾਤਾਵਰਣ ਵਿਭਾਗ ਨੂੰ ਸੌਂਪ ਦਿੱਤੀ ਹੈ।
ਵਿਭਾਗ ਨੇ ਵਾਤਾਵਰਨ ਸੁਰੱਖਿਆ ਐਕਟ ਅਤੇ ਸਿਫ਼ਾਰਸ਼ਾਂ ਦੇ ਆਧਾਰ ’ਤੇ ਰਿਪੋਰਟ ਤਿਆਰ ਕਰਕੇ ਪ੍ਰਸ਼ਾਸਨ ਨੂੰ ਭੇਜ ਦਿੱਤੀ ਹੈ। ਹੁਣ ਪ੍ਰਸ਼ਾਸਨ ਪ੍ਰਬੰਧਕਾਂ ਨੂੰ ਅੰਤਿਮ ਨੋਟਿਸ ਭੇਜੇਗਾ। ਅਧਿਕਾਰੀਆਂ ਮੁਤਾਬਕ ਅੰਤਿਮ ਫੈਸਲੇ ਤੋਂ ਪਹਿਲਾਂ ਸ਼ੋਅ ਦੇ ਪ੍ਰਬੰਧਕਾਂ ਨੂੰ ਇਕ ਹੋਰ ਨੋਟਿਸ ਭੇਜ ਕੇ ਉਲੰਘਣਾ ਦੇ ਸਬੰਧ ‘ਚ ਜਵਾਬ ਮੰਗਿਆ ਜਾਵੇਗਾ। ਵਾਤਾਵਰਨ ਸੁਰੱਖਿਆ ਐਕਟ ਤਹਿਤ ਪ੍ਰਬੰਧਕਾਂ ਨੂੰ ਸੁਣਨ ਦਾ ਮੌਕਾ ਦੇਣਾ ਲਾਜ਼ਮੀ ਹੈ।
ਕਾਨੂੰਨ ਅਨੁਸਾਰ ਅਜਿਹੀ ਉਲੰਘਣਾ ਕਰਨ ‘ਤੇ ਵੱਧ ਤੋਂ ਵੱਧ 15 ਲੱਖ ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਹਾਈ ਕੋਰਟ ਨੇ ਸ਼ੋਅ ਤੋਂ ਪਹਿਲਾਂ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਸ਼ੋਰ ਦਾ ਪੱਧਰ 75 ਡੈਸੀਬਲ ਤੋਂ ਵੱਧ ਨਹੀਂ ਹੋਣਾ ਚਾਹੀਦਾ ਪਰ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ। ਇਸ ਆਧਾਰ ’ਤੇ ਪ੍ਰਸ਼ਾਸਨ ਵੱਧ ਤੋਂ ਵੱਧ ਜੁਰਮਾਨਾ ਲਾਉਣ ਦੀ ਸਿਫ਼ਾਰਸ਼ ਕਰੇਗਾ।