ਖਨੌਰੀ, 4 ਜਨਵਰੀ, ਬੋਲੇ ਪੰਜਾਬ ਬਿਊਰੋ :
ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 4 ਜਨਵਰੀ ਨੂੰ ਖਨੌਰੀ ਬਾਰਡਰ ’ਤੇ ਮਹਾਂਪੰਚਾਇਤ ਬੁਲਾਈ ਗਈ ਹੈ, ਜਿਸ ਵਿੱਚ ਸੰਘਰਸ਼ ਸੰਬੰਧੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਹ ਮਹਾਂਪੰਚਾਇਤ ਅੱਜ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਿਸ ਲਈ ਸਾਰੇ ਕਿਸਾਨਾਂ ਨੂੰ ਖਨੌਰੀ ਬਾਰਡਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ 9 ਜਨਵਰੀ ਨੂੰ ਮੋਗਾ ਵਿੱਚ ਵੀ ਮਹਾਂਪੰਚਾਇਤ ਹੋਵੇਗੀ। ਇਨ੍ਹਾਂ ਮਹਾਂਪੰਚਾਇਤਾਂ ਨੂੰ ਬੁਲਾਉਣ ਦਾ ਮੁੱਖ ਉਦੇਸ਼ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਡਰਾਫਟ ਨੂੰ ਰੱਦ ਕਰਵਾਉਣਾ ਹੈ। ਮਹਾਂਪੰਚਾਇਤ ਦੌਰਾਨ ਕਿਸਾਨ ਆਗੂ ਦਲਜੀਤ ਸਿੰਘ ਡੱਲੇਵਾਲ, ਜੋ ਪਿਛਲੇ 40 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ, ਕਿਸਾਨਾਂ ਨੂੰ ਸੰਬੋਧਨ ਕਰਨਗੇ।
ਜਾਣਕਾਰੀ ਮਿਲੀ ਹੈ ਕਿ ਕਿਸਾਨਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ, ਪਰ ਅਜੇ ਤੱਕ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮਾਂ ਨਹੀਂ ਮਿਲਿਆ।