ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੀਆਂ ਬੱਸਾਂ ਨਾਲ ਹਾਦਸਾ, ਤਿੰਨ ਔਰਤਾਂ ਦੀ ਮੌਤ,30 ਤੋਂ ਵੱਧ ਜ਼ਖਮੀ

ਪੰਜਾਬ

ਬਰਨਾਲਾ, 4 ਜਨਵਰੀ, ਬੋਲੇ ਪੰਜਾਬ ਬਿਊਰੋ :

ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਕਿਸਾਨਾਂ ਨਾਲ ਭਰੀਆਂ ਦੋ ਬੱਸਾਂ ਹਾਦਸਾਗ੍ਰਸਤ ਹੋ ਗਈਆਂ, ਜਿਸ ‘ਚ ਤਿੰਨ ਔਰਤਾਂ ਦੀ ਮੌਤ ਹੋ ਗਈ। ਜਦਕਿ 30 ਤੋਂ ਵੱਧ ਲੋਕ ਜ਼ਖਮੀ ਹਨ। ਇਹ ਦੋਵੇਂ ਹਾਦਸੇ ਵੱਖਰੇ-ਵੱਖਰੇ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਬੱਸ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ’ਤੇ ਜਾ ਰਹੀ ਸੀ।
ਇਸ ਦੇ ਨਾਲ ਹੀ ਹਰਿਆਣਾ ਦੇ ਟੋਹਾਣਾ ‘ਚ ਆਯੋਜਿਤ ਸੰਯੁਕਤ ਕਿਸਾਨ ਮੋਰਚਾ ਦੀ ਮਹਾਪੰਚਾਇਤ ‘ਚ ਸ਼ਾਮਲ ਹੋਣ ਲਈ ਲੋਕ ਇੱਕ ਹੋਰ ਬੱਸ ‘ਚ ਜਾ ਰਹੇ ਸਨ। ਹਾਦਸੇ ਤੋਂ ਬਾਅਦ ਸਾਰੇ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਦੋਵੇਂ ਹਾਦਸੇ ਸੜਕ ’ਤੇ ਧੁੰਦ ਕਾਰਨ ਵਾਪਰੇ ਹਨ। ਕੋਠਾਗੁਰੂ ਜ਼ਿਲ੍ਹਾ ਬਠਿੰਡਾ ਤੋਂ ਟੋਹਾਣਾ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬੱਸ ਬਰਨਾਲਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਭਿਆਨਕ ਹਾਦਸੇ ਵਿੱਚ ਤਿੰਨ ਕਿਸਾਨ ਕਾਰਕੁਨਾਂ ਜਸਵੀਰ ਕੌਰ ਪਤਨੀ ਜੀਤ ਸਿੰਘ, ਸਰਬਜੀਤ ਕੌਰ ਪਤਨੀ ਸੁੱਖਾ ਨੰਬਰਦਾਰ, ਬਲਵੀਰ ਕੌਰ ਪਤਨੀ ਬੰਤ ਸਿੰਘ ਦੀ ਮੌਤ ਹੋ ਗਈ ਹੈ।

6 ਕਿਸਾਨ ਕਾਰਕੁਨਾਂ ਦੀ ਹਾਲਤ ਗੰਭੀਰ ਹੋਣ ਕਰਕੇ ਬਠਿੰਡਾ ਏਮਜ਼ ਵਿੱਚ ਰੈਫਰ ਕਰ ਦਿੱਤਾ ਹੈ। ਇੱਕ ਭਾਕਿਯੂ ਏਕਤਾ ਸਿੱਧੂਪੁਰ ਦੀ ਡੱਲੇਵਾਲ ਤੋਂ ਖਨੌਰੀ ਜਾ ਰਹੀ ਬੱਸ ਵੀ ਬਰਨਾਲਾ ਜੇਲ੍ਹ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਵਿੱਚ ਕਈ ਕਿਸਾਨ ਫੱਟੜ ਹੋਏ ਹਨ। 11 ਕਿਸਾਨਾਂ ਨੂੰ ਗੰਭੀਰ ਹੋਣ ਕਰਕੇ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। 30 ਤੋਂ ਵੱਧ ਫੱਟੜਾਂ ਦਾ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਚੱਲ ਰਿਹਾ ਹੈ। ਇਸ ਸਮੇਂ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ ਨੇ ਮਰੀਜ਼ਾਂ ਦੀ ਸਾਂਭ ਸੰਭਾਲ ਕੀਤੀ। ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਨਰਾਇਣ ਦੱਤ, ਰਜਿੰਦਰ ਪਾਲ, ਸੁਖਵਿੰਦਰ ਠੀਕਰੀਵਾਲਾ, ਜਮਹੂਰੀ ਅਧਿਕਾਰ ਸਭਾ ਦੇ ਆਗੂਆਂ ਸੋਹਣ ਸਿੰਘ ਮਾਝੀ, ਬਿੱਕਰ ਸਿੰਘ ਔਲਖ, ਹਰਚਰਨ ਚਹਿਲ, ਨਰਿੰਦਰ ਸਿੰਗਲਾ ਤਰਕਸ਼ੀਲ ਸੁਸਾਇਟੀ ਭਾਰਤ ਦੇ ਆਗੂ ਅਮਿੱਤ ਮਿੱਤਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਮਨਜੀਤ ਰਾਜ, ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦੇ ਆਗੂ ਅਮਰੀਕ ਸਿੰਘ ਆਦਿ ਆਗੂਆਂ ਨੇ ਪ੍ਰਸ਼ਾਸ਼ਨ ਦੇ ਕਿਸੇ ਵੀ ਅਧਿਕਾਰੀ ਦੇ ਨਾਂ ਪਹੁੰਚਣ ਦੀ ਸਖ਼ਤ ਨਿਖੇਧੀ ਕੀਤੀ। ਆਗੂਆਂ ਨੇ ਕਿਸਾਨ ਕਾਫਲੇ ਨਾਲੋਂ ਬੇਵਕਤੀ ਵਿਛੜ ਗਈਆਂ ਕਿਸਾਨ ਕਾਰਕੁਨਾਂ ਅਤੇ ਫੱਟੜ ਕਿਸਾਨਾਂ ਦੇ ਪ੍ਰੀਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸੜਕ ਦੁਰਘਟਨਾਵਾਂ ਇਸ ਪ੍ਰਬੰਧ ਦੀ ਅਣਗਹਿਲੀ ਉੱਪਰ ਉਂਗਲ ਧਰਦੀਆਂ ਹਨ। ਕੇਂਦਰ ਦੀ ਮੋਦੀ ਹਕੂਮਤ ਅਜਿਹੇ ਹਾਦਸਿਆਂ ਲਈ ਜ਼ਿੰਮੇਵਾਰ ਅਤੇ ਜਵਾਬਦੇਹ ਹੈ ਜਿਸ ਨੇ 9 ਦਸੰਬਰ 2021 ਨੂੰ ਐੱਸਕੇਐੱਮ ਨਾਲ ਕੀਤੇ ਸਮਝੌਤੇ ਦੀਆਂ ਐਮ ਐਸ ਪੀ ਸਮੇਤ ਬਾਕੀ ਮੰਗਾਂ ਨੂੰ 3 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਲਾਗੂ ਨਹੀਂ ਕੀਤਾ। ਆਗੂਆਂ ਨੇ ਮ੍ਰਿਤਕ ਕਾਰਕੁਨਾਂ ਨੂੰ ਸ਼ਹੀਦ ਦਾ ਦਰਜਾ ਦੇਕੇ ਢੁੱਕਵਾਂ ਮੁਆਵਜ਼ਾ ਅਤੇ ਪ੍ਰੀਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।