ਚੰਡੀਗੜ੍ਹ 5 ਜਨਵਰੀ ,ਬੋਲੇ ਪੰਜਾਬ ਬਿਊਰੋ :
ਹੁਸ਼ਿਆਰਪੁਰ ਦੇ ਪਿੰਡ ਬੱਦੋ ਦੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਵੱਲੋਂ ਇੱਕ ਸਿੱਖ ਵਿਦਿਆਰਥੀ ਨਾਲ ਗਲਤ ਵਤੀਰਾ ਕਰਨ ਦੀ ਘਟਨਾ ਦਾ ਵੀਡੀਓ ਸਾਹਮਣੇ ਆਇਆ ਹੈ।ਜਿਸ ਵਿਚ ਪ੍ਰਿੰਸੀਪਲ ਨੂੰ ਇਕ ਸਿੱਖ ਵਿਦਿਆਰਥੀ ਦੇ ਕੇਸ ਖਿੱਚਦੇ ਅਤੇ ਬੇਰਹਿਮੀ ਨਾਲ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ।ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਵਿਦਿਆਰਥੀ ਦਰਦ ਅਤੇ ਡਰ ਕਾਰਨ ਰੋ ਰਿਹਾ ਹੈ ਪਰ ਪ੍ਰਿੰਸੀਪਲ ਕੁੱਟਮਾਰ ਨੂੰ ਰੋਕਣ ਦੀ ਬਜਾਏ ਹੋਰ ਹਿੰਸਕ ਹੋ ਰਹੀ ਹੈ। ਵੀਡੀੳ ਕਾਰਨ ਲੋਕਾਂ ‘ਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਇਸ ਹਰਕਤ ਦੀ ਨਿੰਦਾ ਕੀਤੀ ਹੈ ਅਤੇ ਸਕੂਲ ਪ੍ਰਸ਼ਾਸਨ ਅਤੇ ਪ੍ਰਿੰਸੀਪਲ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਨੇ ਇਸ ਨੂੰ ਸਿੱਖੀ ਦੇ ਪ੍ਰਤੀਕਾਂ ਦਾ ਅਪਮਾਨ ਦੱਸਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਵਿਵਾਦ ਵਧਦੇ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਦਾ ਨੋਟਿਸ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵੀਡੀਓ ਇੱਕ ਨਿੱਜੀ ਸਕੂਲ ਦੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਸਕੂਲ ਦੇ ਪ੍ਰਿੰਸੀਪਲ ਅਤੇ ਮਾਲਕ ਦੇ ਖਿਲਾਫ ਅਪਰਾਧਿਕ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।