ਖਨੌਰੀ, 6 ਜਨਵਰੀ,ਬੋਲੇ ਪੰਜਾਬ ਬਿਊਰੋ :
ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ ਵੱਲੋਂ ਅਦਾਲਤ ਵਿੱਚ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਸਰਕਾਰੀ ਵਕੀਲ ਕਪਿਲ ਸਿੱਬਲ ਨੇ ਕੁਝ ਸਮੇਂ ਬਾਅਦ ਸੁਣਵਾਈ ਕਰਨ ਦੀ ਅਪੀਲ ਕੀਤੀ। ਜਿਸ ‘ਤੇ ਅਦਾਲਤ ਨੇ ਸੁਣਵਾਈ ਸ਼ੁੱਕਰਵਾਰ 10 ਜਨਵਰੀ ਲਈ ਤੈਅ ਕੀਤੀ।
ਸੁਣਵਾਈ ਤੋਂ ਬਾਅਦ ਅੱਜ ਬਾਅਦ ਦੁਪਹਿਰ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਕਿਸਾਨ ਆਗੂ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲੇ।
ਮੀਟਿੰਗ ਤੋਂ ਬਾਅਦ ਨਵਾਬ ਸਿੰਘ ਨੇ ਕਿਹਾ, ‘ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤ ਲੈਣ ਲਈ ਬੇਨਤੀ ਕੀਤੀ ਹੈ। ਅਸੀਂ ਦੁਆ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ। ਉਹ ਜਦੋਂ ਚਾਹੇਗਾ, ਅਸੀਂ ਹਾਜ਼ਰ ਹੋਵਾਂਗੇ। ਸਾਡੇ ਕੋਲ ਕੇਂਦਰ ਨਾਲ ਸਿੱਧੀ ਗੱਲ ਕਰਨ ਦਾ ਅਧਿਕਾਰ ਨਹੀਂ ਹੈ।ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੇਗੀ। ਕਮੇਟੀ ਨੇ ਕਿਹਾ ਕਿ ਮਸਲਾ ਗੱਲਬਾਤ ਨਾਲ ਹੀ ਹੱਲ ਹੋ ਸਕੇਗਾ।