ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਪੰਜਾਬ


ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ
-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ
ਅੰਮ੍ਰਿਤਸਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ। ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।


ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਨ ਕਰਵਾਇਆ। ਉਨ੍ਹਾਂ ਸੰਗਤਾਂ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਉਪਦੇਸ਼ਾਂ ਅਨੁਸਾਰ ਅੰਮ੍ਰਿਤਧਾਰੀ ਹੋਣ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗਿਆਨੀ ਰਾਜਬੀਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਚਰਨਜੀਤ ਸਿੰਘ ਜੱਸੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਜਗਤਾਰ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਜੁਗਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ, ਸ. ਅਜੈ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।