ਪਟਿਆਲਾ 6 ਜਨਵਰੀ ,ਬੋਲੇ ਪੰਜਾਬ ਬਿਊਰੋ :
ਸੋਮਵਾਰ ਤੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ ਕਰਦੇ ਹੋਏ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਯੂਨੀਅਨ ਮੁਲਾਜ਼ਮਾਂ ਨੇ ਪਟਿਆਲਾ ਬੱਸ ਸਟੈਂਡ ਦੇ ਅੰਦਰ ਧਰਨਾ ਦੇ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਬੱਸ ਸੇਵਾ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ। ਪੀਆਰਟੀਸੀ ਕੰਟਰੈਕਟ ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਵੀਰਵਾਰ ਨੂੰ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਈ ਸੀ ਪਰ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ।ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਟਾਲ-ਮਟੋਲ ਦੇ ਰਵੱਈਏ ਕਾਰਨ ਸੋਮਵਾਰ ਤੋਂ ਪੂਰੀ ਤਰ੍ਹਾਂ ਰੋਡ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਉਹ 7 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ 8 ਜਨਵਰੀ ਨੂੰ ਮੁੜ ਧਰਨਾ ਦੇਣਗੇ। ਹੜਤਾਲ ਦੌਰਾਨ ਹਜ਼ਾਰਾਂ ਮੁਲਾਜ਼ਮਾਂ ਨੇ ਕੰਮ ਛੱਡ ਦਿੱਤਾ ਹੈ, ਜਿਸ ਕਾਰਨ ਪੀਆਰਟੀਸੀ ਦੀਆਂ 1159 ਬੱਸਾਂ ਡਿਪੂਆਂ ਵਿੱਚ ਫਸੀਆਂ ਹੋਈਆਂ ਹਨ।