ਰਾਜਪਾਲ ਪੰਜਾਬ ਨੇ ਸਿੱਖਿਆ ਸ਼ਾਸਤਰੀਆਂ ਨਾਲ ‘ਸੰਵਾਦ ਰਾਹੀਂ ਹੱਲ’ ਸਮਾਗਮ ਦੀ ਕੀਤੀ ਪ੍ਰਧਾਨਗੀ
ਮੰਡੀ ਗੋਬਿੰਦਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ:
ਜੋਸ਼ੀ ਫਾਊਂਡੇਸ਼ਨ ਵੱਲੋਂ ‘ਸੰਵਾਦ ਰਾਹੀਂ ਹੱਲ’ ਪਹਿਲਕਦਮੀ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਸਬੰਧੀ ਇੱਕ ਅਹਿਮ ਸੰਵਾਦ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਸਮੇਤ 50 ਉੱਘੇ ਸਿੱਖਿਆ ਸ਼ਾਸਤਰੀਆਂ ਨੇ ਸ਼ਮੂਲੀਅਤ ਕੀਤੀ।
‘ਸੰਵਾਦ ਰਾਹੀਂ ਹੱਲ’ ਦਾ ਉਦੇਸ਼ ਪੰਜਾਬ ਦੇ ਨਸ਼ਿਆਂ ਦੇ ਸੰਕਟ ਦਾ ਮੁਕਾਬਲਾ ਕਰਨ ਲਈ ਕਾਰਜਸ਼ੀਲ ਅਤੇ ਪ੍ਰਭਾਵਸ਼ਾਲੀ ਵਿਚਾਰਾਂ ਦਾ ਇੱਕ ਵਿਆਪਕ ਭੰਡਾਰ ਤਿਆਰ ਕਰਨਾ ਹੈ।
ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿੱਖਿਆ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ ਤੇ ਸਿੱਖਿਆਰਥੀਆਂ ਨੂੰ ਜਾਗਰੂਕਤਾ ਅਤੇ ਰੋਕਥਾਮ ਸਿੱਖਿਆ ਨੂੰ ਉਤਸ਼ਾਹਿਤ ਕਰਕੇ ਤਬਦੀਲੀ ਲਈ ਉਤਪ੍ਰੇਰਕ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਰਾਜ ਦੀ ਸਭ ਤੋਂ ਕੀਮਤੀ ਪੂੰਜੀ ਹਨ। ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਤੋਂ ਬਚਾਇਆ ਜਾਵੇ। ਇਸ ਲੜਾਈ ਵਿੱਚ ਸਿੱਖਿਆ ਇੱਕ ਸ਼ਕਤੀਸ਼ਾਲੀ ਸਾਧਨ ਹੈ, ਅਤੇ ਇਕੱਠੇ ਕੰਮ ਕਰਕੇ ਇੱਕ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।
ਰਾਜਪਾਲ ਨੇ ਮੌਜੂਦਾ ਸਮੇਂ ਸਿੰਥੈਟਿਕ ਨਸ਼ਿਆਂ ਦੀ ਵਰਤੋਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਨਸ਼ੇ ਰਵਾਇਤੀ ਨਸ਼ਿਆਂ ਨਾਲੋਂ ਵਧੇਰੇ ਜਾਨਲੇਵਾ ਹਨ। ਉਨ੍ਹਾਂ ਦੱਸਿਆ ਕਿ ਇਹ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤੱਤਾਂ ਲਈ ਲਾਹੇਵੰਦ ਕਾਰੋਬਾਰ ਬਣ ਗਿਆ ਹੈ, ਜਿਸ ਕਾਰਨ ਇਸ ਵੱਲ ਤੁਰੰਤ ਧਿਆਨ ਦੇਣ ਅਤੇ ਸਾਂਝੇ ਯਤਨਾਂ ਦੀ ਲੋੜ ਹੈ।
ਨਸ਼ਿਆ ਦੇ ਖ਼ਾਤਮੇ ਲਈ ਪਰਿਵਾਰਾਂ ਅਤੇ ਵਿਦਿਅਕ ਸੰਸਥਾਵਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਸਕੂਲਾਂ ਨੂੰ ਇਸ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਨਸ਼ਾ ਪੀੜਤਾਂ ਨੂੰ ਦਰਕਿਨਾਰ ਕਰਨ ਦੀ ਬਜਾਏ, ਸਾਨੂੰ ਉਨ੍ਹਾਂ ਨੂੰ ਸਮਾਜ ਵਿੱਚ ਮੁੜ ਸ਼ਾਮਲ ਕਰਨ ਲਈ ਪਿਆਰ ਅਤੇ ਸਵੀਕਾਰਤਾ ਨਾਲ ਉਨ੍ਹਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਆਪਣੀ ਸੰਸਥਾ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਕੀਤੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਗੱਲਬਾਤ ਵਿੱਚ ਯੋਗਦਾਨ ਪਾਇਆ। ਉਨ੍ਹਾਂ ਨੇ ਅਕਾਦਮਿਕ ਪਾਠਕ੍ਰਮ ਵਿੱਚ ਨਸ਼ਿਆਂ ਬਾਰੇ ਜਾਗਰੂਕਤਾ ਨੂੰ ਸ਼ਾਮਲ ਕਰਨ ਅਤੇ ਵਿਦਿਆਰਥੀਆਂ ਲਈ ਸਹਾਇਕ ਮਾਹੌਲ ਸਿਰਜਣ ਦੀ ਮਹੱਤਤਾ ਉਪਰ ਜ਼ੋਰ ਦਿੱਤਾ।
ਇਸ ਮੌਕੇ ਡਾ: ਜ਼ੋਰਾ ਸਿੰਘ ਨੇ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਦੇਸ਼ ਭਗਤ ਯੂਨੀਵਰਸਿਟੀ ਵਿਖੇ ਹੋਣ ਵਾਲੇ ਸਾਲਾਨਾ ਕਾਨਵੋਕੇਸ਼ਨ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਵੀ ਦਿੱਤਾ।
ਇਸ ਮੌਕੇ ਜੋਸ਼ੀ ਫਾਊਂਡੇਸ਼ਨ ਦੇ ਸੰਸਥਾਪਕ ਵਿਨੀਤ ਜੋਸ਼ੀ ਨੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਭਾਈਵਾਲਾਂ ਦੀ ਜਾਣ-ਪਛਾਣ ਕਰਵਾਈ ਅਤੇ ਨਸ਼ਿਆਂ ਦੇ ਖਾਤਮੇ ਲਈ ਵਿਹਾਰਕ ਉਪਾਅ ਸਾਂਝੇ ਕੀਤੇ। ਸਾਬਕਾ ਮੰਤਰੀ ਵਿਜੈ ਸਾਂਪਲਾ ਨੇ ਮੁੜ ਵਸੇਬਾ ਕੇਂਦਰਾਂ ਦੀ ਸੁਚੱਜੀ ਵਰਤੋਂ ਦੀ ਮਹੱਤਤਾ ਨੂੰ ਉਜਾਗਰ ਕੀਤਾ। ਗਰੇਵਾਲ ਫਾਊਂਡੇਸ਼ਨ ਦੇ ਸੰਸਥਾਪਕ-ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਨੇ ਇਸ ਨੇਕ ਕਾਰਜ ਲਈ ਆਪਣਾ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਰਾਜ ਸਭਾ ਦੇ ਸਾਬਕਾ ਮੈਂਬਰ ਅਤੇ ਖੰਨਾ ਫਾਊਂਡੇਸ਼ਨ ਦੇ ਡਾਇਰੈਕਟਰ ਅਵਿਨਾਸ਼ ਰਾਏ ਖੰਨਾ ਨੇ ਇਸ ਅਲਾਮਤ ਨੂੰ ਖ਼ਤਮ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ।
ਸਮਾਗਮ ਵਿਦਿਅਕ ਸੰਸਥਾਵਾਂ ਅਤੇ ਸਰਕਾਰੀ ਸੰਸਥਾਵਾਂ ਵਿਚਕਾਰ ਵਿਚਾਰ-ਵਟਾਂਦਰੇ ਦੀਆਂ ਰਣਨੀਤੀਆਂ ਨੂੰ ਲਾਗੂ ਕਰਨ ਅਤੇ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੀ ਸਾਂਝੀ ਵਚਨਬੱਧਤਾ ਨਾਲ ਸਮਾਪਤ ਹੋਇਆ। ਸਮਾਗਮ ਵਿੱਚ ਸ੍ਰੀ ਅੰਸ਼ੂ ਕਟਾਰੀਆ, ਸ੍ਰੀ ਮੋਹਿਤ ਮਹਾਜਨ, ਸ੍ਰੀ ਅਸ਼ਵਨੀ ਗਰਗ (ਸਵਾਈਟ) ਅਤੇ ਐਲਪੀਯੂ ਤੋਂ ਡਾ. ਪਾਰੁਲ ਵੀ ਹਾਜ਼ਰ ਸਨ।