ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, ਬੋਲੇ ਪੰਜਾਬ ਬਿਊਰੋ :
ਐੱਸ.ਏ.ਐੱਸ. ਨਗਰ ਜ਼ਿਲ੍ਹੇ ਵਿਚ 78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅੰਮ੍ਰਿਤ ਬਾਲਾ ਨੇ ਦਿੱਤੀ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੁਢਾਪਾ ਪੈਨਸ਼ਨ ਦੇ 48315 ਲਾਭਪਾਤਰੀਆਂ ਨੂੰ 724,72,500 ਰੁਪਏ, ਵਿਧਵਾ ਤੇ ਬੇਸਹਾਰਾ ਔਰਤਾਂ ਲਈ ਪੈਨਸ਼ਨ ਦੇ 17179 ਲਾਭਪਾਤਰੀਆਂ ਨੂੰ 2,57,68,500 ਰੁਪਏ, 6370 ਬੇਸਹਾਰਾ ਬੱਚਿਆਂ ਲਈ 95,65,500 ਪੈਨਸ਼ਨ ਅਤੇ ਦਿਵਿਆਂਗ ਪੈਨਸ਼ਨ ਦੇ 7043 ਲਾਭਪਾਤਰੀਆਂ ਨੂੰ 1,05,64,500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਹ ਪੈਨਸ਼ਨ ਰਾਸ਼ੀ ਸਿੱਧੇ ਤੌਰ ‘ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਹੁੰਦੀ ਹੈ, ਜਿਸ ਨਾਲ ਜਿੱਥੇ ਲਾਭਪਾਤਰੀਆਂ ਦੀ ਖੱਜਲ-ਖੁਆਰੀ ਘਟੀ ਹੈ, ਉੱਥੇ ਉਨ੍ਹਾਂ ਦੇ ਸਮੇਂ ਦੀ ਬੱਚਤ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਦੀ ਅਦਾਇਗੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।
ਅੰਮ੍ਰਿਤ ਬਾਲਾ ਨੇ ਦੱਸਿਆ ਕਿ ਪੁਰਸ਼, ਜਿਨ੍ਹਾਂ ਦੀ ਉਮਰ 65 ਸਾਲ ਜਾਂ ਇਸ ਤੋਂ ਵੱਧ ਹੋਵੇ ਅਤੇ ਔਰਤਾਂ, ਜਿਨ੍ਹਾਂ ਦੀ ਉਮਰ 58 ਸਾਲ ਜਾਂ ਇਸ ਤੋਂ ਵੱਧ ਹੋਵੇ, ਦੀ ਆਮਦਨ ਸਾਰੇ ਵਸੀਲਿਆਂ ਤੋਂ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਨਾ ਹੋਵੇ ਅਤੇ ਪੇਂਡੂ ਖੇਤਰ ਵਿੱਚ 2.5 ਏਕੜ ਤੋਂ ਘੱਟ ਜ਼ਮੀਨ ਵਾਲੇ ਅਤੇ ਸ਼ਹਿਰੀ ਖੇਤਰ ਵਿੱਚ 200 ਵਰਗ ਮੀਟਰ ਤੋਂ ਘੱਟ ਮਕਾਨ ਦੀ ਮਾਲਕੀ ਵਾਲੇ ਯੋਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ।
ਇਸੇ ਤਰ੍ਹਾਂ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60 ਹਜ਼ਾਰ ਤੋਂ ਵੱਧ ਨਾ ਹੋਵੇ ਅਤੇ 21 ਸਾਲ ਤੋਂ ਘੱਟ ਉਮਰ ਦੇ ਅਜਿਹੇ ਬੱਚੇ, ਜੋ ਮਾਤਾ ਪਿਤਾ ਦੀ ਮੌਤ ਜਾਂ ਉਨ੍ਹਾਂ ਦੀ ਦਿਵਿਆਂਗਤਾ ਕਾਰਨ ਦੇਖ-ਭਾਲ ਤੋਂ ਵਾਂਝੇ ਹੋ ਗਏ ਹੋਣ ਅਤੇ ਉਨ੍ਹਾਂ ਦੀ ਆਮਦਨ ਸਾਲਾਨਾ 60 ਹਜ਼ਾਰ ਤੋਂ ਘੱਟ ਹੋਵੇ, ਨੂੰ ਵੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ 50 ਫ਼ੀਸਦੀ ਤੋਂ ਵੱਧ ਵਾਲੇ ਦਿਵਿਆਂਗ ਵੀ ਵਿੱਤੀ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੈਨਸ਼ਨ ਲੈਣ ਲਈ ਦਸਤਾਵੇਜ ਨੇੜੇ ਦੇ ਸੇਵਾ ਕੇਂਦਰ ਵਿਖ਼ੇ ਜਮ੍ਹਾ ਕਰਵਾਏ ਜਾ ਸਕਦੇ ਹਨ ਜਾਂ ਟੋਲ ਫ੍ਰੀ ਫ਼ੋਨ ਨੰਬਰ 1076 ‘ਤੇ ਸਮਾਂ ਬੁੱਕ ਕਰਵਾ ਕੇ ਹਾਸਲ ਕੀਤੀ ਜਾ ਸਕਦੀ ਹੈ।