ਅੰਮ੍ਰਿਤਸਰ, 17 ਜਨਵਰੀ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹੇ ਵਿੱਚ ਥਾਣਾ ਸਦਰ ਅਤੇ ਸੀਆਈਏ ਸਟਾਫ-3 ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਹਥਿਆਰ ਤਸਕਰੀ ਦੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਥਾਣਾ ਸਦਰ ਅਤੇ ਸੀਆਈਏ ਸਟਾਫ-3 ਨੇ ਅੰਤਰਰਾਸ਼ਟਰੀ ਹਥਿਆਰ ਤਸਕਰ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਮਰੀਕਾ ਵਿੱਚ ਬੈਠੇ ਗੈਂਗਸਟਰ ਪ੍ਰਭ ਦਾਸੂਵਾਲ ਨਾਲ ਸੰਪਰਕ ਵਿੱਚ ਸਨ ਅਤੇ ਉਸ ਦੇ ਇਸ਼ਾਰਿਆਂ ’ਤੇ ਹਥਿਆਰਾਂ ਦੀ ਸਪਲਾਈ, ਲੋਕਾਂ ਦੀ ਹੱਤਿਆ ਲਈ ਰੇਕੀ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਂਦੇ ਸਨ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਰੋਹਿਤ, ਸੁਖਰਾਜ ਅਤੇ ਜੁਗਰਾਜ ਵਜੋਂ ਹੋਈ ਹੈ। ਸਾਰੇ ਮੁਲਜ਼ਮ ਮੋਹਾਲੀ ਦੇ ਇੱਕ ਪੀ.ਜੀ. ਵਿੱਚ ਰਹਿੰਦੇ ਸਨ। ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਦੇ ਕਹਿਣ ’ਤੇ ਇਹਨਾਂ ਨੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕੀਤੇ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਤਰਨਤਾਰਨ ਵਿੱਚ ਇੱਕ ਵਿਅਕਤੀ ਦੀ ਰੇਕੀ ਕੀਤੀ ਸੀ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਸਿਰਫ ਇਹ ਹੀ ਨਹੀਂ, ਤਰਨਤਾਰਨ ਦੇ ਪੱਟੀ ਖੇਤਰ ਵਿੱਚ ਸਰਪੰਚ ਰਾਜਵਿੰਦਰ ਸਿੰਘ ਤਲਵੰਡੀ ਦੀ ਹੱਤਿਆ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਨੂੰ ਵੀ ਹਥਿਆਰ ਸਪਲਾਈ ਕੀਤੇ ਗਏ ਸਨ। ਪੁਲਿਸ ਵੱਲੋਂ ਗ੍ਰਿਫਤਾਰ ਮੁਲਜ਼ਮਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਨੈਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ।