ਬਠਿੰਡਾ, 20 ਜਨਵਰੀ,
ਬਠਿੰਡਾ ਵਿੱਚ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਝੜਪ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ ਰਾਮਪੁਰਾ ਫੂਲ ਦੇ ਪਿੰਡ ਜੀਊਂਦ ਵਿੱਚ ਪੁਲਿਸ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰਾਂ ਦੇ ਵਿਚਕਾਰ ਟਕਰਾਅ ਹੋ ਗਿਆ। ਇਸ ਦੌਰਾਨ ਡੀ.ਐਸ.ਪੀ. ਰਾਹੁਲ ਭਾਰਦਵਾਜ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦੱਸਣਯੋਗ ਹੈ ਕਿ ਪੁਲਿਸ ਪਿੰਡ ਵਿੱਚ ਨਕਸ਼ਾਬੰਦੀ ਕਰਨ ਲਈ ਆਈ ਸੀ। ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਅਤੇ ਦੋਨੋਂ ਪੱਖਾਂ ਵੱਲੋਂ ਤਣਾਅ ਦੀ ਸਥਿਤੀ ਬਣ ਗਈ। ਮੌਕੇ ’ਤੇ 4 ਜ਼ਿਲਿਆਂ ਦੀ ਪੁਲਿਸ ਮੌਜੂਦ ਹੈ। ਪੁਲਿਸ ਪ੍ਰਸ਼ਾਸਨ ਦੀ ਟੀਮ ਜ਼ਮੀਨ ਦਾ ਕਬਜ਼ਾ ਲੈਣ ਆਈ ਸੀ।
ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਨੇ ਦੱਸਿਆ ਕਿ ਖੇਤਾਂ ਦੀ ਜ਼ਮੀਨ ਨੂੰ ਲੈ ਕੇ ਕੋਰਟ ਵਿੱਚ ਕੇਸ ਚੱਲ ਰਿਹਾ ਸੀ। ਇਸ ਮਾਮਲੇ ਵਿੱਚ ਕੋਰਟ ਨੇ ਕਿਸਾਨਾਂ ਦੇ ਖਿਲਾਫ ਫੈਸਲਾ ਸੁਣਾਇਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਇਸ ਜ਼ਮੀਨ ’ਤੇ ਪਿਛਲੇ 70-80 ਸਾਲਾਂ ਤੋਂ ਖੇਤੀ ਕਰ ਰਹੇ ਹਨ। ਮੈਪਿੰਗ ਅਤੇ ਮੁਰੱਬਾ ਬੰਦੀ ਰਾਹੀਂ ਕਿਸਾਨਾਂ ਦੀ ਜ਼ਮੀਨ ਹਥਿਆਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਜ਼ਬਰਦਸਤੀ ਨਕਸ਼ਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।