ਅੰਮ੍ਰਿਤਸਰ, 21 ਜਨਵਰੀ, ਬੋਲੇ ਪੰਜਾਬ ਬਿਊਰੋ
ਸੀਮਾ ਸੁਰੱਖਿਆ ਬਲਾਂ ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਮੰਗਵਾਉਣ ਦੇ ਦੋਸ਼ ’ਚ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਖੂਫੀਆ ਸ਼ਾਖਾ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਬਾਅਦ ਫੋਰਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ, ਫੋਰਸ ਦੇ ਜਵਾਨਾਂ ਨੇ ਪਿੰਡ ਰਾਜਪੂਤ ਕਲਾਂ ਵਿਚ ਇਕ ਡ੍ਰੋਨ ਬਰਾਮਦ ਕੀਤਾ ਸੀ। ਇਸ ਤੋਂ ਬਾਅਦ ਆਲੇ-ਦੁਆਲੇ ਦੇ ਸਾਰੇ ਪਿੰਡਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਪਿੰਡ ਅਟੱਲਗੜ੍ਹ ਨੇੜੇ ਦੋ ਸ਼ੱਕੀ ਵਿਅਕਤੀ ਦੇਖੇ ਗਏ। ਜਵਾਨਾਂ ਨੂੰ ਦੇਖ ਕੇ ਦੋਵੇਂ ਭੱਜਣ ਲੱਗ ਪਏ। ਉਨ੍ਹਾਂ ਦਾ ਪਿੱਛਾ ਕੀਤਾ ਗਿਆ ਅਤੇ ਫੜਿਆ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 530 ਗ੍ਰਾਮ ਹੈਰੋਇਨ ਬਰਾਮਦ ਹੋਈ। ਇਹ ਪੈਕੇਟ ਇਕ ਸਟੀਲ ਦੀ ਰਿੰਗ ਨਾਲ ਜੁੜਿਆ ਹੋਇਆ ਸੀ। ਇਹ ਸਪੱਸ਼ਟ ਸੀ ਕਿ ਇਹ ਹੈਰੋਇਨ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਭੇਜੀ ਗਈ ਸੀ।