ਚੰਡੀਗੜ੍ਹ, 23 ਜਨਵਰੀ ,ਬੋਲੇ ਪੰਜਾਬ ਬਿਊਰੋ :
ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਗਰੀਬ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੱਖ-ਵੱਖ ਜਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਪੱਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜਗਾਰ ਸਕੀਮਾਂ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਈਆ ਕਰਵਾਏ ਜਾ ਰਹੇ ਹਨ। ਸਿੱਧਾ ਕਰਜਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ. ਐਮ. ਡੀ. ਸਕੀਮ ਰਾਹੀਂ ਕੰਮਜੋਰ ਵਰਗ/ਪੱਛੜੀਆਂ ਸ੍ਰੇਣੀਆਂ ਦੀ ਆਰਥਿਕ ਤੌਰ ਤੇ ਮੱਦਦ ਕੀਤੀ ਜਾ ਰਹੀ ਹੈ। ਇਹ ਸਕੀਮਾਂ ਰਾਸਟਰੀ ਕਾਰਪੋਰੇਸ਼ਨਾਂ ਐਨ. ਬੀ. ਸੀ. ਐਫ. ਡੀ. ਸੀ. ਅਤੇ ਐਨ. ਐਮ. ਡੀ. ਐਫ. ਸੀ. ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਤਹਿਤ ਲੋਕਾਂ ਨੂੰ ਲੋਨ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਵੀ ਵਿਅਕਤੀ ਦਾ ਲੋਨ ਪਾਸ ਕੀਤਾ ਜਾਂਦਾ ਹੈ, ਉਸ ਦੀ ਰਕਮ ਸਿੱਧਾ ਉਸਦੇ ਖਾਤੇ ਵਿੱਚ ਭੇਜੀ ਜਾਂਦੀ ਹੈ।
ਚੇਅਰਮੈਨ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਰੋਪੜ, ਅੰਮ੍ਰਿਤਸਰ ਅਤੇ ਐਸ.ਏ.ਐਸ.ਨਗਰ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਲੁਧਿਆਣਾ ਵਿੱਚ 24 ਜਨਵਰੀ ਨੂੰ, ਪਟਿਆਲਾ 29 ਜਨਵਰੀ, ਫਿਰੋਜ਼ਪੁਰ 30 ਜਨਵਰੀ, ਸੰਗਰੂਰ 31 ਜਨਵਰੀ ਅਤੇ ਬਠਿੰਡਾ 7 ਫਰਵਰੀ ਨੂੰ ਕੈਂਪ ਲਗਾਏ ਜਾਣਗੇ।
ਚੇਅਰਮੈਨ ਸੈਣੀ ਨੇ ਪੰਜਾਬ ਰਾਜ ਦੇ ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਕੈਂਪਾ ਵਿਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।