ਤਿੰਨ ਕਮੇਟੀਆਂ ਕਾਇਮ; ਮਹਾਪੰਚਾਇਤ ਦਾ ਨੇੜਲਾ ਖੇਤਰ ਪੁਲੀਸ ਛਾਉਣੀ ਵਿੱਚ ਤਬਦੀਲ
ਐੱਸਏਐੱਸ ਨਗਰ, 26 ਜਨਵਰੀ,ਬੋਲੇ ਪੰਜਾਬ ਬਿਊਰੋ :
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਵਾਈਪੀਐੱਸ ਚੌਕ ਨੇੜੇ ਲਾਏ ਪੱਕੇ ਮੋਰਚੇ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ। ਅੱਜ ਕੌਮੀ ਇਨਸਾਫ਼ ਮੋਰਚੇ ਵੱਲੋਂ ਇੱਥੇ ਮਹਾਪੰਚਾਇਤ ਕੀਤੀ ਗਈ। ਇਸ ਮੌਕੇ ਬਾਪੂ ਗੁਰਚਰਨ ਸਿੰਘ ਹਵਾਰਾ, ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕਿਸਾਨ ਆਗੂ ਡਾ. ਦਰਸ਼ਨਪਾਲ, ਸਤਨਾਮ ਸਿੰਘ ਬਹਿਰੂ, ਸੁੱਖ ਗਿੱਲ ਤੋਤੇਵਾਲ, ਅਮਿਤੋਜ ਮਾਨ, ਲੱਖਾ ਸਿਧਾਣਾ, ਸੀਨੀਅਰ ਵਕੀਲ ਮਹਿਮੂਦ ਪਰਾਚੇ, ਸੁਖਵਿੰਦਰ ਸਿੰਘ ਖੋਸਾ, ਬਲਜਿੰਦਰ ਸਿੰਘ, ਲਖਬੀਰ ਸਿੰਘ, ਬਲਵਿੰਦਰ ਸਿੰਘ ਅਤੇ ਨਿਹੰਗ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਸਮੇਂ ਦੀਆਂ ਸਰਕਾਰਾਂ ’ਤੇ ਨਿਸ਼ਾਨੇ ਸੇਧਦੇ ਹੋਏ ਹੁਕਮਰਾਨਾਂ ਨੂੰ ਸਿੱਖਾਂ ਦੇ ਵੈਰੀ ਦੱਸਿਆ ਅਤੇ ਇਨਸਾਫ਼ ਪ੍ਰਾਪਤੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਤਿੰਨ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ। ਮਹਾਪੰਚਾਇਤ ਦੌਰਾਨ ਵਾਈਪੀਐੱਸ ਚੌਕ ਅਤੇ ਆਸਪਾਸ ਇਲਾਕਾ ਪੁਲੀਸ ਛਾਉਣੀ ਬਣਿਆ ਰਿਹਾ। ਪੁਲੀਸ ਵੱਲੋਂ ਵਾਈਪੀਐੱਸ, ਬੁੜੈਲ ਜੇਲ੍ਹ ਦਾ ਪਿਛਲਾ ਪਾਸਾ ਅਤੇ ਐੱਸਐੱਸਪੀ ਦੀ ਸਰਕਾਰੀ ਕੋਠੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਰੇ ਐਂਟਰੀ ਪੁਆਇੰਟ ਸੀਲ ਕੀਤੇ ਗਏ ਸਨ।
ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਪਰ ਆਜ਼ਾਦ ਭਾਰਤ ਵਿੱਚ ਸਿੱਖਾਂ ਲਈ ਵੱਖਰੇ ਕਾਨੂੰਨ ਬਣਾਏ ਗਏ ਹਨ। ਇਨ੍ਹਾਂ ਕਾਨੂੰਨਾਂ ਮੁਤਾਬਕ ਸਜ਼ਾ ਭੁਗਤ ਚੁੱਕੇ ਸਿੱਖ ਕੈਦੀਆਂ ਨੂੰ ਹਾਲੇ ਵੀ ਜੇਲ੍ਹਾਂ ਵਿੱਚ ਡੱਕ ਕੇ ਰੱਖਿਆ ਹੋਇਆ ਹੈ। ਕੇਂਦਰ ਅਤੇ ਸੂਬੇ ਦੇ ਹੁਕਮਰਾਨ ਇਨਸਾਫ਼ਪਸੰਦ ਲੋਕਾਂ ’ਤੇ ਜ਼ੁਲਮ ਢਾਹ ਰਹੇ ਹਨ। ਜੋ ਕੋਈ ਵੀ ਹੱਕ-ਸੱਚ ਲਈ ਬੋਲਣ ਦੀ ਹਿੰਮਤ ਕਰਦਾ ਹੈ ਤਾਂ ਉਸ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਰਵਾਇਤੀ ਪਾਰਟੀਆਂ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਭੱਜ ਰਹੀਆਂ ਹਨ। ਅਜਿਹੇ ਹਾਲਾਤ ਵਿੱਚ ਕਿਸ ਤੋਂ ਇਨਸਾਫ਼ ਦੀ ਉਮੀਦ ਰੱਖੀਏ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਜੋ ਵੀ ਡਿਊਟੀ ਲਾਈ ਜਾਵੇਗੀ ਜਾਂ ਜ਼ਿੰਮੇਵਾਰੀ ਸੌਂਪੀ ਗਈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।