ਬਟਾਲਾ, 31 ਜਨਵਰੀ,ਬੋਲੇ ਪੰਜਾਬ ਬਿਊਰੋ :
ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਕੰਧ ਸਾਹਿਬ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਸਮੇਂ ਚਰਖੜੀ ਦੀ ਤਾਰ ਟੁੱਟਣ ਸੇਵਾ ਕਰ ਰਿਹਾ ਸੇਵਾਦਾਰ ਹੇਠਾਂ ਡਿੱਗ ਕੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਬਟਾਲਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਦੁਆਰਾ ਕੰਧ ਸਾਹਿਬ ਵਿਖੇ ਵਾਪਰੀ ਇਸ ਘਟਨਾ ਨਾਲ ਸੰਗਤਾਂ ‘ਚ ਸੋਗ ਪਾਇਆ ਜਾ ਰਿਹਾ ਹੈ । ਮ੍ਰਿਤਕ ਸੇਵਾਦਾਰ ਦੀ ਪਛਾਣ ਸਤਨਾਮ ਸਿੰਘ ਵਾਸੀ ਬਾਲੇਵਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਤਨਾਮ ਸਿੰਘ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਪਾਰਟ ਟਾਈਮ ਇਲੈਕਟਰੀਸ਼ਨ ਵਜੋਂ ਸੇਵਾ ਕਰ ਰਿਹਾ ਸੀ ਅਤੇ ਨਿਸ਼ਾਨ ਸਾਹਿਬ ਚੜਾਉਣ ਦੀ ਸੇਵਾ ਵੀ ਪਿਛਲੇ ਲੰਬੇ ਸਮੇਂ ਤੋਂ ਕਰਦਾ ਆ ਰਿਹਾ ਸੀ।ਅੱਜ ਸ਼ੁੱਕਰਵਾਰ ਨੂੰ ਸਵੇਰੇ ਜਦ ਉਹ ਨਿਸ਼ਾਨ ਸਾਹਿਬ ਦੇ ਵਸਤਰਾਂ ਦੀ ਸੇਵਾ ਕਰਨ ਲਈ 70 ਫੁੱਟ ਉੱਚੇ ਨਿਸ਼ਾਨ ਸਾਹਿਬ ‘ਤੇ ਚੜਿਆ ਤਾਂ ਚਰਖੜੀ ਦੀ ਅਚਾਨਕ ਤਾਰ ਟੁੱਟ ਗਈ ਅਤੇ ਉਹ ਹੇਠਾਂ ਡਿੱਗ ਪਿਆ। ਗੰਭੀਰ ਰੂਪ ‘ਚ ਜ਼ਖ਼ਮੀ ਹੋਏ ਸਤਨਾਮ ਸਿੰਘ ਨੂੰ ਜਦ ਹਸਪਤਾਲ ‘ਚ ਇਲਾਜ ਲਈ ਦਾਖਲ ਕਰਾਇਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦੇ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਬਟਾਲਾ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਗੁਰਨਾਮ ਸਿੰਘ ਜੱਸਲ, ਮੈਨੇਜਰ ਸੁਖਜਿੰਦਰ ਸਿੰਘ ਭਾਮ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।