ਮੋਗਾ 5 ਫਰਵਰੀ ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਇਤਿਹਾਸਕ ਪਿੰਡ ਤਖ਼ਤੂਪੁਰਾ ਵਿੱਚ ਬੀਤੀ ਸ਼ਾਮ ਪਿੰਡ ਦੇ ਮੌਜੂਦਾ ਸਰਪੰਚ ਹਰਦੀਪ ਸਿੰਘ ਦੇ ਘਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਤਖ਼ਤੂਪੁਰਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਹਰਦੀਪ ਸਿੰਘ ਨੇ ਦੱਸਿਆ ਕਿ ਦੋ ਅਣਪਛਾਤੇ ਹਮਲਾਵਰਾਂ ਨੇ ਮੇਰੇ ਘਰ ‘ਤੇ ਅੰਨ੍ਹੇਵਾਹ 8 ਤੋਂ 10 ਰਾਊਂਡ ਫਾਇਰ ਕੀਤੇ ਅਤੇ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਹ ਘਟਨਾ ਕੱਲ੍ਹ ਰਾਤ ਵਾਪਰੀ ਦੱਸੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਮੇਰੇ ਘਰ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ ਕੀਤੀ। ਮੇਰੇ ਘਰ ਦੇ ਗੇਟ ‘ਤੇ ਗੋਲੀਆਂ ਚਲਾਈਆਂ ਗਈਆਂ ਅਤੇ ਮੇਰੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪੁਲਿਸ ਨੂੰ ਪੂਰੀ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਇਸ ‘ਤੇ ਕਾਰਵਾਈ ਕਰ ਰਹੀ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।