ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਪੰਜਾਬ

ਐਸ ਏ ਐਸ ਨਗਰ 7 ਫਰਵਰੀ ,ਬੋਲੇ ਪੰਜਾਬ ਬਿਊਰੋ :

 ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਬੀਬੀ ਰਣਜੀਤ ਕੌਜ ਜੀ ਸੰਗਰੂਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ 1710 ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਬਾਰੇ ਅਤੇ 18ਵੀਂ ਸਦੀ ਵਿੱਚ ਜਬਰ ਅਤੇ ਜੁਲਮ ਖਿਲਾਫ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਸਤਿੰਦਰਬੀਰ ਸਿੰਘ ਜੀ ਸ੍ਰੀ ਦਰਬਾਰ ਸੇਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਬੀਬੀ ਕਵਲਜੀਤ ਕੌਰ ਜੀ ਸ਼ਾਹਬਾਦ ਮਾਰਕੰਡੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹਤਤਾ ਦਸਦੇ ਹੋਏ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਗੁਰਪ੍ਰੀਤ ਸਿੰਘ ਜੀ,  ਭਾਈ ਜਸਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਭਾਈ ਲਖਵਿੰਦਰ ਸਿੰਘ ਜੀ ਅੰਮ੍ਰਿਤਸਰ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ  ਸਾਹਿਬ ਵਾਲੇ, ਭਾਈ ਸੁਖਵਿੰਦਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ ।  ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਆਉਣ ਵਾਲੀ ਮਿਤੀ 12 ਫਰਵਰੀ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ , ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ , ਇਨਟਰਨੈਸ਼ਨ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ, ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।