ਅੰਮ੍ਰਿਤਸਰ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਕਦਮ ਚੁੱਕੇ ਗਏ ਹਨ। ਮੈਨੇਜਰ ਭਗਵੰਤ ਸਿੰਘ ਝੰਗੇੜਾ ਨੇ ਕਰਮਚਾਰੀਆਂ ਲਈ ਸਖ਼ਤ ਨਿਯਮ ਲਾਗੂ ਕਰਦੇ ਹੋਏ ਡਿਊਟੀ ਦੌਰਾਨ ਮੋਬਾਈਲ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਪ੍ਰਬੰਧਾਂ ਵਿੱਚ ਹੋਰ ਸੁਧਾਰ ਕਰਨ ਲਈ ਲਿਆ ਗਿਆ ਹੈ।
ਮੈਨੇਜਰ ਵਲੋਂ ਜਾਰੀ ਕੀਤੇ ਪੱਤਰ ਨੰਬਰ 5152 ਵਿੱਚ ਨਿਰਦੇਸ਼ ਦਿੱਤੇ ਗਏ ਹਨ ਕਿ ਸਾਰੇ ਕਰਮਚਾਰੀ ਸਮੇਂ ਸਿਰ ਡਿਊਟੀ ਤੇ ਪਹੁੰਚਣ। ਇਨ੍ਹਾਂ ਨਵੇਂ ਨਿਯਮਾਂ ਵਿੱਚ ਸਖ਼ਤ ਹੁਕਮ ਦਿੱਤਾ ਗਿਆ ਹੈ ਕਿ ਵਰਦੀ ਪਹਿਨਣਾ ਲਾਜ਼ਮੀ ਹੋਵੇਗਾ। ਵਰਦੀ ਤੋਂ ਬਿਨਾਂ ਡਿਊਟੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।
ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਕਰਮਚਾਰੀ ਚੈਕਿੰਗ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਕਰਦਾ ਪਾਇਆ ਗਿਆ, ਤਾਂ ਉਸ ਦੇ ਖਿਲਾਫ ਤੁਰੰਤ ਵਿਭਾਗੀ ਕਾਰਵਾਈ ਹੋਵੇਗੀ। ਇਸ ਦੇ ਨਾਲ ਹੀ ਕਰਮਚਾਰੀਆਂ ਲਈ ਨੇਮ ਪਲੇਟ ਲਗਾਉਣਾ ਵੀ ਜ਼ਰੂਰੀ ਕੀਤਾ ਗਿਆ ਹੈ। ਜੇਕਰ ਕਿਸੇ ਨੇ ਇਹ ਨਿਯਮ ਤੋੜਿਆ, ਤਾਂ ਉਸ ਨੂੰ ਸਖ਼ਤ ਸਜ਼ਾ ਮਿਲੇਗੀ।
ਇਹ ਵੀ ਜ਼ਿਕਰਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿੱਚ ਕਰਮਚਾਰੀਆਂ ਨੂੰ ਤਰੱਕੀਆਂ ਦਿੱਤੀਆਂ ਜਾਂਦੀਆਂ ਹਨ। ਜੇਕਰ ਕਿਸੇ ਕਰਮਚਾਰੀ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਤਾਂ ਉਸ ਦੀ ਤਰੱਕੀ ਰੋਕੀ ਜਾ ਸਕਦੀ ਹੈ।