ਚੰਡੀਗੜ੍ਹ, 9ਫਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਖੂਨ ਦੇ ਰਿਸ਼ਤਿਆਂ ਵਿੱਚ ਜਾਇਦਾਦ ਤਬਦੀਲ ਕਰਨ ’ਤੇ ਕੋਈ ਵੀ ਸਟੈਂਪ ਡਿਊਟੀ ਅਦਾ ਨਹੀਂ ਕਰਨੀ ਪੈਂਦੀ ਹੈ ਪਰ ਹੁਣ ਅਜਿਹਾ ਕਰਨ ’ਤੇ ਸਟੈਂਪ ਡਿਊਟੀ ਅਦਾ ਕਰਨੀ ਪਵੇਗੀ। ਪੰਜਾਬ ਸਰਕਾਰ ਵੱਲੋਂ ਖੂਨ ਦੇ ਰਿਸ਼ਤਿਆਂ ਵਿੱਚ ਜਾਇਦਾਦ ਤਬਦੀਲ ਕਰਨ ’ਤੇ ਸਟੈਂਪ ਡਿਊਟੀ ਲਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਨਾਲ ਮਾਂ-ਪਿਉ ਵੱਲੋਂ ਆਪਣੇ ਬੱਚਿਆ ਅਤੇ ਦਾਦਾ-ਦਾਦੀ ਵੱਲੋਂ ਪੋਤਿਆਂ ਜਾਂ ਭੈਣ-ਭਰਾਵਾਂ ਵੱਲੋਂ ਆਪਸ ਵਿੱਚ ਜਾਇਦਾਦ ਤਬਦੀਲ ਕਰਨ ’ਤੇ ਸਟੈਂਪ ਡਿਊਟੀ ਅਦਾ ਕਰਨੀ ਪਵੇਗੀ। ਖੂਨ ਦੇ ਰਿਸ਼ਤਿਆਂ ਵਿੱਚ ਜਾਇਦਾਦ ਤਬਦੀਲ ਕਰਨ ’ਤੇ ਸਟੈਂਪ ਡਿਊਟੀ ਲਗਾਉਣ ਦੇ ਫ਼ੈਸਲੇ ਨਾਲ ਸੂਬਾ ਸਰਕਾਰ ਦੀ ਆਮਦਨ ਵਿੱਚ ਭਾਵੇਂ ਵਾਧਾ ਹੋ ਜਾਵੇਗਾ, ਪਰ ਪੰਜਾਬ ਦੇ ਲੋਕਾਂ ਦੀ ਜੇਬ ’ਤੇ ਨਵਾਂ ਬੋਝ ਪਵੇਗਾ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ 10 ਫਰਵਰੀ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਖੂਨ ਦੇ ਰਿਸ਼ਤਿਆਂ ਵਿੱਚ ਸਟੈਂਪ ਡਿਊਟੀ ਲਗਾਉਣ ਦੇ ਫੈਸਲੇ ਨੂੰ ਲਾਗੂ ਕਰਨ ਸਬੰਧੀ ਏਜੰਡਾ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋੋਂ ਖੂਨ ਦੇ ਰਿਸ਼ਤਿਆਂ ਵਿੱਚ ਜਾਇਦਾਦ ਤਬਦੀਲ ਕਰਨ ਸਬੰਧੀ ਇਕ ਫ਼ੀਸਦ ਤੋਂ ਢਾਈ ਫ਼ੀਸਦ ਤੱਕ ਸਟੈਂਪ ਡਿਊਟੀ ਲਗਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਇਸ ਨੂੰ ਪ੍ਰਵਾਨਗੀ ਮਿਲਦੀ ਹੈ ਜਾਂ ਨਹੀਂ ਇਹ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਸਾਲ 2014 ਵਿੱਚ ਵੀ ਪੰਜਾਬ ਸਰਕਾਰ ਨੇ ਖੂਨ ਦੇ ਰਿਸ਼ਤਿਆਂ ਵਿੱਚ ਜਾਇਦਾਦ ਤਬਦੀਲ ਕਰਨ ’ਤੇ ਲੱਗਣ ਵਾਲੀ ਸਟੈਂਪ ਡਿਊਟੀ ਨੂੰ ਹਟਾ ਦਿੱਤਾ ਸੀ।