ਨਵੀਂ ਦਿੱਲੀ, 10 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਦਿੱਲੀ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦਿੱਲੀ ਵਿਖੇ 11 ਫਰਵਰੀ ਨੂੰ ਸਵੇਰੇ 11 ਵਜੇ ਕਪੂਰਥਲਾ ਭਵਨ ਵਿੱਚ ਹੋਵੇਗੀ।
ਇਸ ਦੌਰਾਨ ਦਿੱਲੀ ਚੋਣ ਨਤੀਜਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਪੰਜਾਬ ‘ਚ ਸਰਕਾਰ ਚਲਾਉਣ ਲਈ ਰਣਨੀਤੀ ਬਣਾਈ ਜਾਵੇਗੀ। ਇਸ ਮੀਟਿੰਗ ਵਿੱਚ ਚੋਣ ਪ੍ਰਚਾਰ ਵਿੱਚ ਜੁਟੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਵਿਧਾਇਕ ਤੇ ਮੰਤਰੀ ਹਾਜ਼ਰ ਰਹਿਣਗੇ।
ਇਸ ਦੌਰਾਨ ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਦਿੱਲੀ ਦੀ ਸੱਤਾ ਗੁਆਉਣ ਤੋਂ ਬਾਅਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਇਹ ਦਾਅਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਹੈ।
