ਇੰਡਸਟਰੀ ਦੇ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਬੁੱਢਾ ਦਰਿਆ ਵਿੱਚ ਸਿੱਧੇ ਤੌਰ ‘ਤੇ ਜਾਣ ਤੋਂ ਰੋਕਣ ਲਈ ਉਚਿੱਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼
ਚੰਡੀਗੜ੍ਹ, 10 ਫਰਵਰੀ,ਬੋਲੇ ਪੰਜਾਬ ਬਿਊਰੋ :
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਣ ਵਿਭਾਗ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਤਤਕਾਲ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਗੰਦੇ ਪਾਣੀ ਦੀ ਨਿਕਾਸੀ ‘ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ ਤਾਂਕਿ ਸੀਵਰੇਜ ਟਰੀਟਮੈਂਟ ਪਲਾਂਟ ਦੀ ਕਾਰਗੁਜ਼ਾਰੀ ਪ੍ਰਭਾਵਿਤ ਨਾ ਹੋਵੇ।
ਮੀਟਿੰਗ ਦੌਰਾਨ ਸਥਾਨਕ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੀ ਕਿਸੇ ਵੀ ਇੰਡਸਟਰੀ ਜਾਂ ਵਿਅੱਕਤੀ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤਾ ਕਿ ਜਿਹੜੀਆਂ ਫੈਕਟਰੀਆਂ ਜਾਂ ਯੂਨਿਟ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਹੋਵੇ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇੱਕ ਜੁਆਇੰਟ ਟੀਮ ਦਾ ਗਠਨ ਕਰੇ ਜਿਸ ਵਿੱਚ ਨਗਰ ਨਿਗਮ ਲੁਧਿਆਣਾ ਦੇ ਵੀ ਅਧਿਕਾਰੀ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਇਹ ਜੁਆਇੰਟ ਟੀਮ ਰੋਜ਼ਾਨਾ ਚੈਕ ਕਰਨਗੇ ਕਿ ਸੀਵਰੇਜ ਟਰੀਟਮੈਂਟ ਪਲਾਂਟ ਕਿਸ ਸਮੇਂ ਦੁਸ਼ਿਤ ਹੂੰਦਾਂ ਹੈ ਅਤੇ ਇਸ ਨੂੰ ਪ੍ਰਦੂਸ਼ਿਤ ਕਰਨ ਲਈ ਕਿਹੜੇ ਸਰੋਤ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਸਦੀ ਮੁਕੰਮਲ ਰਿਪੋਰਟ ਤਿਆਰ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦੀ ਕਾਮਯਾਬੀ ਲਈ ਸਰਕਾਰ, ਪ੍ਰਸ਼ਾਸਨ ਅਤੇ ਜਨਤਾ ਨੂੰ ਮਿਲਕੇ ਕੰਮ ਕਰਨਾ ਹੋਵੇਗਾ।
ਇਸ ਮੌਕੇ ‘ਤੇ ਬੈਠਕ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਾਇੰਸ ਤਕਨਾਲੋਜੀ ਐਂਡ ਵਾਤਾਵਰਣ ਵਿਭਾਗ ਦੇ ਪ੍ਰਬੰਧਕੀ ਸਕੱਤਰ ਪ੍ਰਿਯਾਂਕ ਭਾਰਤੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ ਆਦਰਸ਼ ਪਾਲ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ. ਦੀਪਤੀ ਉੱਪਲ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।