ਖਨੌਰੀ, 12 ਫਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਅਤੇ ਹਰਿਆਣਾ ਦੇ ਸ਼ੰਭੂ-ਖਨੌਰੀ ਬਾਰਡਰ ਵਿਖੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਕਿਸਾਨਾਂ ਦੀਆਂ 13 ਮੰਗਾਂ ਵਿੱਚ ਖ਼ਾਸ ਤੌਰ ’ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਹੈ। ਖਨੌਰੀ ਬਾਰਡਰ ’ਤੇ ਅੱਜ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਆਪਣਾ ਸੰਦੇਸ਼ ਜਨਤਾ ਤੱਕ ਪਹੁੰਚਾਉਣਗੇ। ਡੱਲੇਵਾਲ ਪਿਛਲੇ 78 ਦਿਨਾਂ ਤੋਂ ਮਰਨ ਵਰਤ ’ਤੇ ਹਨ।
ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਚੰਡੀਗੜ੍ਹ ਵਿਚ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦਾ ਮੁੱਖ ਉਦੇਸ਼ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਗੱਲਬਾਤ ਤੋਂ ਪਹਿਲਾਂ ਸਾਰੇ ਕਿਸਾਨ ਸੰਗਠਨਾਂ ਨੂੰ ਇਕੱਠਾ ਕਰਨਾ ਹੈ। ਹਾਲਾਂਕਿ ਖਨੌਰੀ ਮੋਰਚੇ ਦੇ ਆਗੂਆਂ ਨੇ ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।ਦੂਜੇ ਪਾਸੇ, ਸ਼ੰਭੂ ਮੋਰਚਾ ਦੇ ਆਗੂ ਚੰਡੀਗੜ੍ਹ ਮੀਟਿੰਗ ਵਿਚ ਸ਼ਾਮਿਲ ਹੋਣਗੇ।
![](https://www.bolepunjab.com/wp-content/uploads/2025/02/signal-2025-02-12-102016_002.jpeg)