ਚੰਡੀਗੜ੍ਹ, 12 ਫਰਵਰੀ,ਬੋਲੇ ਪੰਜਾਬ ਬਿਊਰੋ :
ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸੁਪਰੀਮ ਕੋਰਟ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਵਿੱਚੋਂ ਇੱਕ ਸੱਜਣ ਕੁਮਾਰ ਨੂੰ ਦੋਸ਼ੀ ਐਲਾਨਣ ਦੇ ਸਬੰਧ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੱਜਣ ਕੁਮਾਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਵਿੱਚੋਂ ਇੱਕ ਹੈ ਅਤੇ ਮੁੱਖ ਹੈ। ਉਸਨੂੰ ਦੋਸ਼ੀ ਐਲਾਨ ਕੇ, ਅਦਾਲਤ ਨੇ ਪੀੜਤਾਂ ਦੇ ਦਿਲਾਂ ਤੇ ਮਰਹਮ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਉੱਚ ਅਹੁਦਿਆਂ ਨਾਲ ਨਿਵਾਜਣ ਦਾ ਕੰਮ ਕੀਤਾ ਸੀ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ, ਕਾਂਗਰਸ ਵੱਲੋਂ ਬੰਦ ਕੀਤੇ ਗਏ ਕੇਸਾਂ ਨੂੰ ਮਾਣਯੋਗ ਸੁਪਰੀਮ ਕੋਰਟ ਵਿੱਚ ਦੁਬਾਰਾ ਖੁਲਵਾਇਆ ਅਤੇ ਕੇਸ ਦੀ ਸੁਣਵਾਈ ਕਰਦੇ ਹੋਏ, ਮਾਣਯੋਗ ਸੁਪਰੀਮ ਕੋਰਟ ਨੇ ਅੱਜ ਇਸ ਨਸਲਕੁਸ਼ੀ ਦੇ ਇੱਕ ਦੋਸ਼ੀ ਸੱਜਣ ਕੁਮਾਰ ਨੂੰ ਦੋਸ਼ੀ ਐਲਾਨ ਦਿੱਤਾ ਹੈ, ਇਸ ਨਾਲ ਪੀੜਤਾਂ ਦੇ ਦਿਲਾਂ ਵਿੱਚ ਇਨਸਾਫ਼ ਮਿਲਣ ਦੀ ਉਮੀਦ ਮੁੜ ਜਗ ਗਈ ਹੈ।
ਗਰੇਵਾਲ ਨੇ ਕਿਹਾ ਕਿ ਲਗਭਗ 30 ਸਾਲਾਂ ਤੱਕ ਕਾਂਗਰਸ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਕੇਸ ਦਰਜ ਨਹੀਂ ਹੋਣ ਦਿੱਤੇ ਅਤੇ ਦੋਸ਼ੀਆਂ ਨੂੰ ਮੰਤਰੀਆਂ ਦੇ ਅਹੁਦੇ ਸਮੇਤ ਕਈ ਸਨਮਾਨ ਦੇ ਕੇ ਨਿਵਾਜਿਆ। ਜਿਸ ਕਾਰਨ ਇਨਸਾਫ਼ ਨਾ ਮਿਲਣ ਕਾਰਨ ਸਿੱਖਾਂ ਵਿੱਚ ਭਾਰੀ ਨਿਰਾਸ਼ਾ ਅਤੇ ਗੁੱਸੇ ਦੀ ਲਹਿਰ ਦੌੜ ਗਈ ਸੀ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਵਿੱਚ ਸੱਤਾ ਸੰਭਾਲਣ ਤੋਂ ਬਾਅਦ, ਇਨ੍ਹਾਂ ਬੰਦ ਹੋ ਚੁੱਕੇ ਮਾਮਲਿਆਂ ਨੂੰ ਦੁਬਾਰਾ ਖੁਲਵਾਇਆ ਅਤੇ ਮਾਣਯੋਗ ਸੁਪਰੀਮ ਕੋਰਟ ਰਾਹੀਂ ਸੁਣਵਾਈ ਸ਼ੁਰੂ ਕਰਵਾਕੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ, ਜਿਸ ਵਿੱਚ ਅੱਜ ਸੱਜਣ ਕੁਮਾਰ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਦੋਸ਼ੀ ਐਲਾਨ ਦਿੱਤਾ ਹੈ। ਉਨ੍ਹਾਂ ਇਸ ਲਈ ਮਾਣਯੋਗ ਸੁਪਰੀਮ ਕੋਰਟ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਪੀੜਤਾਂ ਦੇ ਦਿਲਾਂ ਨੂੰ ਠੰਡਕ ਮਿਲੀ ਹੈ ਅਤੇ ਉਹਨਾਂ ਦਾ ਦੇਸ਼ ਦੇ ਸੰਵਿਧਾਨ ਅਤੇ ਅਦਾਲਤ ਦੇ ਨਿਆਂ ਵਿੱਚ ਵਿਸ਼ਵਾਸ ਮਜ਼ਬੂਤ ਹੋਇਆ ਹੈ।