ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਦੀ ਯੋਗ ਮੁਹਿੰਮ ਤਹਿਤ ਕਰਵਾਏ ਗਏ ਸੀ.ਐਮ. ਦੀ ਯੋਗਸ਼ਾਲਾ ਦੇ ਰਿਫਰੈਸ਼ਰ ਕੋਰਸ ਵਿੱਚ ਮੋਰਾਰਜੀ ਦੇਸਾਈ ਨੈਸ਼ਨਲ ਇੰਸਟੀਚਿਊਟ ਆਫ ਯੋਗਾ ਦੇ ਪ੍ਰਸਿੱਧ ਯੋਗਾ ਥੈਰੇਪਿਸਟ ਅਤੇ ਮਾਹਿਰ ਡਾਕਟਰ ਵਿਨੈ ਭਾਰਤੀ ਨੇ ਟ੍ਰੇਨਰਾਂ ਨੂੰ ਯੋਗਾ ਦੇ ਸਹੀ ਅਭਿਆਸ ਅਤੇ ਮਹੱਤਵ ਬਾਰੇ ਦੱਸਿਆ।
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਯੋਗ ਮੁਹਿੰਮ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਧੀਆ ਉਪਰਾਲਾ ਕਰਾਰ ਦਿੱਤਾ।
ਡਾ. ਵਿਨੈ ਭਾਰਤੀ ਨੇ ਆਪਣੇ ਲੈਕਚਰ ਵਿੱਚ ਕਿਹਾ ਕਿ ਯੋਗਾ ਨਾ ਸਿਰਫ਼ ਸਰੀਰਕ ਸਿਹਤ ਵਿੱਚ ਸੁਧਾਰ ਕਰਦਾ ਹੈ, ਸਗੋਂ ਮਾਨਸਿਕ ਅਤੇ ਅਧਿਆਤਮਿਕ ਸਿਹਤ ਲਈ ਵੀ ਬੇਹੱਦ ਲਾਹੇਵੰਦ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਯੋਗ ਰਾਹੀਂ ਸ਼ਾਂਤੀ ਅਤੇ ਸੰਤੁਲਨ ਪ੍ਰਾਪਤ ਕਰਨਾ ਸੰਭਵ ਹੈ।
ਉਨ੍ਹਾਂ ਟ੍ਰੇਨਰਾਂ ਨੂੰ ਸਮਝਾਇਆ ਕਿ ਵੱਖ-ਵੱਖ ਯੋਗਾ ਆਸਣਾਂ ਦਾ ਸਹੀ ਅਭਿਆਸ ਸਰੀਰ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਮਾਨਸਿਕ ਸ਼ਾਂਤੀ ਨੂੰ ਵਧਾਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਟ੍ਰੇਨਰਾਂ ਨੂੰ ਯੋਗ ਦੇ ਪ੍ਰਚਾਰ-ਪ੍ਰਸਾਰ ਲਈ ਵੱਧ ਤੋਂ ਵੱਧ ਸਰਗਰਮ ਭੂਮਿਕਾ ਨਿਭਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੇ ਲਾਭਾਂ ਤੋਂ ਜਾਣੂ ਕਰਵਾਉਣ ਦੀ ਅਪੀਲ ਕੀਤੀ।
ਟ੍ਰੇਨਰਾਂ ਨੇ ਯੋਗ ਦੇ ਲਾਭਾਂ ਅਤੇ ਇਸ ਦੇ ਪ੍ਰਭਾਵਸ਼ਾਲੀ ਅਭਿਆਸ ਬਾਰੇ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ ਇਸ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।
ਪੰਜਾਬ ਸਰਕਾਰ ਦੇ ਸਲਾਹਕਾਰ, ਕਮਲੇਸ਼ ਮਿਸ਼ਰਾ ਅਤੇ ਅਮਰੇਸ਼ ਕੁਮਾਰ ਝਾਅ, ਜ਼ਿਲ੍ਹਾ ਕੋਆਰਡੀਨੇਟਰ ਨਿਰਮਲ ਸਿੰਘ, ਪ੍ਰਤਿਮਾ ਡਾਬਰ, ਵੰਦਨਾ, ਜਤਿਨ ਕੁਮਾਰ ਅਤੇ ਲਵਪ੍ਰੀਤ ਸਿੰਘ ਸਮੇਤ ਹੋਰਨਾਂ ਨੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਯੋਗਾ ਪ੍ਰਤੀ ਜਾਗਰੂਕ ਕਰਨ ਲਈ ਸੂਬਾ ਸਰਕਾਰ ਦੇ ਲਗਾਤਾਰ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਮੁਹਿੰਮ ਰਾਹੀਂ ਪੰਜਾਬ ਸਰਕਾਰ ਨੇ ਯੋਗ ਨੂੰ ਲੋਕਾਂ ਤੱਕ ਲਿਜਾਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ, ਜਿਸ ਨਾਲ ਸੂਬੇ ਦੇ ਲੋਕ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣਗੇ।