ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਊਰੋ :
ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਦੇ ਵਿਆਹ ਵਿੱਚ ਸੀਨੀਅਰ ਭਾਜਪਾ ਆਗੂਆਂ ਦੀ ਸ਼ਮੂਲੀਅਤ ਬਾਰੇ ਭਾਜਪਾ-ਅਕਾਲੀ ਗਠਜੋੜ ਦੀਆਂ ਅਫਵਾਹਾਂ ‘ਤੇ ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਵਿਆਹਾਂ ਜਾਂ ਸਮਾਜਿਕ ਸਮਾਗਮਾਂ ਵਿੱਚ ਸ਼ਮੂਲੀਅਤ ਦੇ ਆਧਾਰ ‘ਤੇ ਗਠਜੋੜ ਦੀ ਧਾਰਨਾ ਬਣਾਉਣਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਪਾਰਟੀ ਹਾਈਕਮਾਂਡ ਦੇ ਫੈਸਲੇ ‘ਤੇ ਨਿਰਭਰ ਕਰਦਾ ਹੈ।
ਗਰੇਵਾਲ ਨੇ ਕਿਹਾ ਕਿ ਕੁਝ ਲੋਕ ਆਪਣੇ ਰਾਜਨੀਤਿਕ ਲਾਭ ਲਈ ਅਜਿਹੀਆਂ ਝੂਠੀਆਂ ਅਫਵਾਹਾਂ ਫੈਲਾਉਂਦੇ ਰਹਿੰਦੇ ਹਨ ਜਿਨ੍ਹਾਂ 'ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਆਪਣੇ ਵਰਕਰਾਂ ਦੇ ਦਮ 'ਤੇ ਪੂਰੇ ਪੰਜਾਬ ਵਿੱਚ ਪਹਿਲਾਂ ਵਿਧਾਨ ਸਭਾ ਚੋਣਾਂ ਲੜੀਆਂ, ਫਿਰ ਲੋਕ ਸਭਾ ਚੋਣਾਂ, ਫਿਰ ਪੰਚਾਇਤ ਚੋਣਾਂ ਅਤੇ ਹੁਣ ਨਗਰ ਨਿਗਮ ਚੋਣਾਂ ਆਪਣੇ ਦਮ 'ਤੇ ਲੜੀਆਂ ਹਨ ਅਤੇ ਭਵਿੱਖ ਵਿੱਚ ਵੀ ਪਾਰਟੀ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲ 'ਤੇ ਲੜੇਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ।