ਚੰਡੀਗੜ੍ਹ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਅੱਜ ਤੋਂ ਮੌਸਮ ਦਾ ਮਿਜਾਜ ਵਿਗੜਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਬੁਧਵਾਰ ਅਤੇ ਵੀਰਵਾਰ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ, ਇੱਕ ਨਵੀਂ ਪੱਛਮੀ ਗੜਬੜੀ ਦੇ ਅਸਰ ਕਰਕੇ ਇਸ ਦੌਰਾਨ ਪੰਜਾਬ ਵਿੱਚ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਚਲਣਗੀਆਂ ਅਤੇ ਬਾਰਸ਼ ਹੋਵੇਗੀ।
ਖਾਸ ਕਰਕੇ ਵੀਰਵਾਰ ਨੂੰ ਮੌਸਮ ਹੋਰ ਵੀ ਖ਼ਰਾਬ ਰਹੇਗਾ। ਇਸ ਦਿਨ ਪੰਜਾਬ ਦੇ 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ। ਇਥੇ 30 ਤੋਂ 40 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚਲਣਗੀਆਂ ਅਤੇ ਆਕਾਸ਼ ‘ਚ ਬਿਜਲੀ ਚਮਕਣ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋਵੇਗੀ।
ਮੌਸਮ ਵਿਭਾਗ ਮੁਤਾਬਕ, ਬਾਰਸ਼ ਦੇ ਕਾਰਨ ਦਿਨ ਦੇ ਤਾਪਮਾਨ ਵਿੱਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਵ ਨਾ ਹੋਣ ਦੀ ਸੰਭਾਵਨਾ ਜਤਾਈ ਹੈ, ਪਰ ਉਸ ਤੋਂ ਬਾਅਦ 48 ਘੰਟਿਆਂ ਵਿੱਚ 2 ਤੋਂ 3 ਡਿਗਰੀ ਦੀ ਵਾਧਾ ਹੋ ਸਕਦਾ ਹੈ। ਫਿਰ ਇਸ ਤੋਂ ਬਾਅਦ 2 ਤੋਂ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
