10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ/ਅੰਮ੍ਰਿਤਸਰ, 20 ਫਰਵਰੀ,ਬੋਲੇ ਪੰਜਾਬ ਬਿਊਰੋ :

ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦੀ 13 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮੇਨ ਬਾਜ਼ਾਰ, ਅਟਾਰੀ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ 10 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਹਰਮਨਦੀਪ ਸਿੰਘ ਵਾਸੀ ਪਿੰਡ ਘੁੰਮਣਪੁਰਾ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਇਹ ਨਸ਼ਾ ਤਸਕਰ ਲਗਾਤਾਰ ਪਾਕਿਸਤਾਨ ਅਧਾਰਿਤ ਤਸਕਰ ਚਾਚਾ ਬਾਵਾ ਜੋ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਭੇਜ ਰਿਹਾ ਸੀ, ਦੇ ਸੰਪਰਕ ਵਿੱਚ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਰਮਨਦੀਪ ਦੇ ਖੁਲਾਸੇ ਜਿਸ ਵਿੱਚ ਉਸਨੇ ਦੱਸਿਆ ਸੀ ਕਿ ਉਸ ਨੇ ਸੋਮਵਾਰ ਨੂੰ 3 ਕਿਲੋ ਹੈਰੋਇਨ – ਜੋ ਪਾਕਿਸਤਾਨ ਤੋਂ ਹਾਲ ਹੀ ਵਿੱਚ ਤਸਕਰੀ ਕੀਤੀ ਗਈ ਖੇਪ ਦਾ ਹਿੱਸਾ ਸੀ – ਆਪਣੇ ਸਾਥੀ ਲਵਪ੍ਰੀਤ ਸਿੰਘ ਨੂੰ ਸੌਂਪੀ ਸੀ, ਉਪਰੰਤ ਪੁਲਿਸ ਟੀਮਾਂ ਨੇ ਲਵਪ੍ਰੀਤ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ।

ਉਨ੍ਹਾਂ ਕਿਹਾ ਕਿ ਮੁਲਜ਼ਮ ਲਵਪ੍ਰੀਤ ਦਾ ਪਤਾ ਲਗਾਉਣ ਲਈ ਸੀਆਈ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਟੀਮ ਬਣਾਈ ਗਈ ਅਤੇ ਟੀਮ ਨੇ ਉਸ ਨੂੰ ਅੰਮ੍ਰਿਤਸਰ ਦੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ ‘ਤੇ ਸਥਿਤ ਬੱਸ ਸਟਾਪ ਖਾਸਾ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਇੱਕ ਵੱਡੀ ਖੇਪ ਦਾ ਹਿੱਸਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 8 ਮਿਤੀ 18.02.2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।