ਜਲੰਧਰ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਕਿਸ਼ਨਗੜ੍ਹ ਨੇੜੇ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪੰਜਾਬ ਰੋਡਵੇਜ਼ ਦੀ ਬੱਸ, ਜੋ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ, ਅਚਾਨਕ ਇੱਕ ਟਿੱਪਰ ਨਾਲ ਟਕਰਾ ਗਈ।
ਹਾਦਸਾ ਏਨਾ ਭਿਆਨਕ ਸੀ ਕਿ ਮੌਕੇ ’ਤੇ ਚੀਖਾਂ-ਪੁਕਾਰ ਮਚ ਗਈ। 15 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ‘ਚੋਂ 4 ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।
ਸੜਕ ਸੁਰੱਖਿਆ ਟੀਮ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ। ਹਾਦਸੇ ਦੇ ਕਾਰਨਾਂ ਦੀ ਪੜਚੋਲ ਜਾਰੀ ਹੈ।
