ਡੇਰਾ ਬਾਬਾ ਨਾਨਕ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ
ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ 750 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਰਵਾਲ ਖੁਰਦ ਤੋਂ ਕੀਤੀ ਗਈ।
ਐੱਸਐਚਓ ਸਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਰਾਹੀਂ ਸੁਚਨਾ ਮਿਲੀ ਸੀ ਕਿ ਪਿੰਡ ਹਰਦੋਰਵਾਲ ਵਿੱਚ ਇੱਕ ਵਿਅਕਤੀ ਕਾਫ਼ੀ ਸਮੇਂ ਤੋਂ ਨਸ਼ਾ ਵੇਚਣ ਦੀ ਗਤੀਵਿਧੀ ਵਿੱਚ ਲਿਪਤ ਹੈ ਅਤੇ ਉਸ ਕੋਲ ਹਥਿਆਰ ਹੋਣ ਦੀ ਵੀ ਸੰਭਾਵਨਾ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਦੇ ਘਰ ‘ਤੇ ਛਾਪਾ ਮਾਰਿਆ, ਜਿੱਥੋਂ ਉਨ੍ਹਾਂ ਦੀ ਮਾਤਾ ਕੋਲੋਂ 750 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ, ਨਸ਼ਾ ਤਸਕਰ ਪੁੱਤਰ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਜਾਰੀ ਹੈ।