ਜਲੰਧਰ, 26 ਫਰਵਰੀ, ਬੋਲੇ ਪੰਜਾਬ ਬਿਊਰੋ :
ਜਲੰਧਰ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਲੁਧਿਆਣਾ ਦੇ ਰਹਿਣ ਵਾਲੇ 54 ਸਾਲਾ ਬਲਵੀਰ ਚੰਦ ਵਜੋਂ ਹੋਈ ਹੈ। ਬਲਵੀਰ ਚੰਦ ਲੁਧਿਆਣਾ ਕਮਿਸ਼ਨਰੇਟ ਵਿੱਚ ਏਐਸਆਈ ਵਜੋਂ ਡਿਊਟੀ ਨਿਭਾਅ ਰਿਹਾ ਸੀ। ਬਲਵੀਰ ਚੰਦ ਆਪਣੀ ਡਿਊਟੀ ਖਤਮ ਕਰਨ ਤੋਂ ਬਾਅਦ ਆਪਣੀ ਭੂਆ ਨੂੰ ਮਿਲਣ ਲਈ ਬਾਈਕ ਉਤੇ ਜਲੰਧਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਗੋਰਾਇਆ ਨੇੜੇ ਨੈਸ਼ਨਲ ਹਾਈਵੇ ਉਤੇ ਕਿਸੇ ਤੇਜ਼ ਵਾਹਨ ਨੇ ਸਾਈਡ ਮਾਰ ਦਿੱਤੀ ਜਿਸ ਕਾਰਨ ਉਹ ਸੜਕ ਉਤੇ ਡਿੱਗ ਗਿਆ। ਜ਼ਖਮੀ ਹਾਲਤ ਵਿੱਚ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਥਾਣਾ ਗੋਰਾਇਆ ਪੁਲਿਸ ਨੇ ਮ੍ਰਿਤਕ ਦੇ ਬੇਟੇ ਸਚਿਨ ਦੇ ਬਿਆਨਾਂ ਉਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।