ਨਵੀਂ ਦਿੱਲੀ 26 ਫਰਵਰੀ ,ਬੋਲੇ ਪੰਜਾਬ ਬਿਊਰੋ :
ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 40 ਸਾਲ ਬਾਅਦਇਕ ਹੋਰ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ । ਇਹ ਮਾਮਲਾ ਸਿੱਖਾਂ ਦੇ ਕੀਤੇ ਗਏ ਕਤਲੇਆਮ ਦੌਰਾਨ ਦਿੱਲੀ ਦੇ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਹੈ। ਪੀੜਤ ਪੱਖ ਨੇ ਉਸ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਅਦਾਲਤ ਨੇ 21 ਫਰਵਰੀ ਨੂੰ ਸਜ਼ਾ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਰਾਊਸ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ, ਜਿਸ ਨੂੰ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਸੀ, ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਅੰਦਰ ਚਲੇ ਮਾਮਲੇ ‘ਚ ਪੀੜਤ ਧਿਰ ਨੇ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ 25 ਫਰਵਰੀ ਨੂੰ ਫੈਸਲਾ ਸੁਣਾਉਣ ਦਾ ਹੁਕਮ ਦਿੱਤਾ ਸੀ। ਸ਼ਿਕਾਇਤ ਦੇ ਅਨੁਸਾਰ, ਸੱਜਣ ਕੁਮਾਰ ਨੇ ਭੀੜ ਨੂੰ ਹਮਲਾ ਕਰਨ ਲਈ ਉਕਸਾਇਆ ਸੀ, ਜਿਸ ਤੋਂ ਬਾਅਦ ਭੀੜ ਨੇ ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣ ਦੀਪ ਸਿੰਘ ਨੂੰ ਜ਼ਿੰਦਾ ਸਾੜ ਦਿੱਤਾ ਗਿਆ । ਭੀੜ ਨੇ ਪੀੜਤਾਂ ਦੇ ਘਰਾਂ ਦੀ ਭੰਨਤੋੜ, ਲੁੱਟਮਾਰ ਅਤੇ ਅੱਗ ਲਗਾ ਦਿੱਤੀ। ਸ਼ਿਕਾਇਤਕਰਤਾ ਵੱਲੋਂ ਰੰਗਨਾਥ ਮਿਸ਼ਰਾ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਸਾਹਮਣੇ ਦਾਇਰ ਕੀਤੇ ਗਏ ਹਲਫ਼ਨਾਮੇ ਦੇ ਆਧਾਰ ‘ਤੇ, ਉੱਤਰੀ ਜ਼ਿਲ੍ਹੇ ਦੇ ਸਰਸਵਤੀ ਵਿਹਾਰ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿੱਚ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਲਗਾਏ ਗਏ ਸਨ।
ਦਿੱਲੀ ਕੈਂਟ ਦੀ ਪਾਲਮ ਕਲੋਨੀ ਵਿੱਚ 5 ਸਿੱਖਾਂ ਦੇ ਕਤਲ ਤੋਂ ਬਾਅਦ ਗੁਰਦੁਆਰੇ ਨੂੰ ਸਾੜ ਦਿੱਤਾ ਗਿਆ। ਇਸ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਸੀ। ਦਿੱਲੀ ਹਾਈ ਕੋਰਟ ਨੇ 17 ਦਸੰਬਰ, 2018 ਨੂੰ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਤੰਬਰ 2023 ਵਿੱਚ, ਰਾਊਜ਼ ਐਵੇਨਿਊ ਅਦਾਲਤ ਨੇ ਉਸਨੂੰ ਦਿੱਲੀ ਦੇ ਸੁਲਤਾਨਪੁਰੀ ਵਿੱਚ 3 ਸਿੱਖਾਂ ਦੇ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ। 1 ਨਵੰਬਰ 1984 ਨੂੰ ਸਰਸਵਤੀ ਵਿਹਾਰ ਵਿੱਚ ਸਰਦਾਰ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। 12 ਫਰਵਰੀ, 2025 ਨੂੰ ਸੱਜਣ ਕੁਮਾਰ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। 25 ਫਰਵਰੀ ਨੂੰ ਉਸਨੂੰ ਧਾਰਾ 302 ਅਤੇ 436 ਤਹਿਤ ਉਮਰ ਕੈਦ ਦੀ ਸਜ਼ਾ, ਧਾਰਾ 395 ਤਹਿਤ ਸੱਤ ਸਾਲ ਦੀ ਸਜ਼ਾ ਅਤੇ ਵੱਖ ਵੱਖ ਧਾਰਾਵਾਂ ਹੇਠ ਚਾਰ ਲੱਖ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਮੌਕੇ ਸਰਦਾਰ ਗੁਰਲਾਡ ਸਿੰਘ ਕਾਹਲੋਂ, ਬੀਬੀ ਨਿਰਪ੍ਰੀਤ ਕੌਰ, ਬੀਬੀ ਪੱਪੀ ਕੌਰ, ਬੀਬੀ ਸ਼ੀਲਾ ਕੌਰ ਸਮੇਤ ਵਡੀ ਗਿਣਤੀ ਵਿਚ ਪੀੜਿਤ ਧਿਰ ਨਾਲ ਸੰਬੰਧਿਤ ਬੀਬੀਆਂ ਹਾਜਿਰ ਹੋ ਕੇ ਸੱਜਣ ਕੁਮਾਰ ਵਿਰੁੱਧ ਨਾਹਰੇ ਲਗਾ ਰਹੇ ਸਨ ।