ਨੋਡਲ ਅਫਸਰ ਪਾਸੋਂ ਘੱਟ ਜਾਂ ਨਾਂਮਾਤਰ ਮਰੀਜ਼ਾਂ ਵਾਲੀਆਂ ਓ.ਓ.ਏ.ਟੀ. ਨੂੰ ਵੱਧ ਮਰੀਜ਼ਾਂ ਵਾਲੇ ਇਲਾਕਿਆਂ ਚ ਤਬਦੀਲ ਕਰਨ ਲਈ ਪ੍ਰਸਤਾਵ ਮੰਗਿਆ
ਐਸ.ਏ.ਐਸ.ਨਗਰ, 27 ਫਰਵਰੀ ,ਬੋਲੇ ਪੰਜਾਬ ਬਿਊਰੋ:
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਸ਼ਿਆਂ ਤੋਂ ਨੌਜੁਆਨੀ ਨੂੰ ਦੂਰ ਰੱਖਣ ਲਈ ਕੌਂਸਲਰਾਂ ਅਤੇ ਨਸ਼ਾ ਛੱਡ ਚੁੱਕੇ ਲੋਕਾਂ ਦੇ ਪ੍ਰੇਰਣਾ ਭਾਸ਼ਨਾਂ ਨਾਲ ਵਿੱਦਿਅਕ ਅਦਾਰਿਆਂ ਵਿੱਚ ਸੈਮੀਨਾਰ ਕਰਵਾ ਕੇ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ’ਤੇ ਜ਼ੋਰ ਦਿੱਤਾ ਹੈ।
ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੋਸਾਇਟੀ, ਐਸ.ਏ.ਐਸ.ਨਗਰ ਦੀ ਸਮੀਖਿਆ ਮੀਟਿੰਗ ਕਰਦੇ ਹੋਏ, ਉਨ੍ਹਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਓ.ਓ.ਏ.ਟੀ ਕੇਂਦਰਾਂ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਨਿੱਜੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਕੰਮਕਾਜ ‘ਤੇ ਨਜ਼ਰ ਰੱਖਣ ਲਈ ਸਮੇਂ-ਸਮੇਂ ‘ਤੇ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਓ.ਓ.ਏ.ਟੀ ਕੇਂਦਰਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਦੀ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹੋਰ ਸੁਧਾਰ ਲਿਆਂਦਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਿੱਤੇ ਜਾਣ ਵਾਲੇ ਖਾਣੇ ਦੇ ਖਰਚਿਆਂ ਵਿੱਚ ਵਾਧੇ ਨੂੰ ਪ੍ਰਵਾਨਗੀ ਦਿੰਦੇ ਹੋਏ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਸੈਕਟਰ 66, ਮੁਹਾਲੀ ਵਿਖੇ ਇੱਕ ਕੰਟੀਨ ਸਥਾਪਤ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਹੈ।
ਸਾਰੇ ਸੀਨੀਅਰ ਮੈਡੀਕਲ ਅਫਸਰਾਂ, ਮਨੋਰੋਗ ਮਾਹਿਰਾਂ ਅਤੇ ਗੈਰ-ਸਰਕਾਰੀ ਸੰਗਠਨਾਂ ਤੋਂ ਫੀਡਬੈਕ ਪ੍ਰਾਪਤ ਕਰਦੇ ਹੋਏ, ਉਨ੍ਹਾਂ ਨੇ ਆਉਣ ਵਾਲੇ ਦਿਨਾਂ ਵਿੱਚ ਉਹਨਾਂ ‘ਤੇ ਕੰਮ ਕਰਨ ਲਈ ਉਨ੍ਹਾਂ ਦੇ ਸੁਝਾਵਾਂ ਨੂੰ ਧੀਰਜ ਨਾਲ ਨੋਟ ਕੀਤਾ।
ਉਨ੍ਹਾਂ ਨੇ ਕਿਹਾ ਕਿ ਸਾਨੂੰ ਆਊਟਪੇਸ਼ੈਂਟ ਓਪੀਓਡ ਅਸਿਸਟਡ ਟ੍ਰੀਟਮੈਂਟ ‘ਤੇ ਆਉਂਦੇ ਮਰੀਜ਼ਾਂ ਦੀ ਗਿਣਤੀ ਦਾ ਨਿਰੀਖਣ ਕਰਨਾ ਚਾਹੀਦਾ ਹੈ ਅਤੇ ਘੱਟ ਤੋਂ ਘੱਟ ਜਾਂ ਨਾਂਮਾਤਰ ਮਰੀਜ਼ਾਂ ਵਾਲੇ ਕੇਂਦਰਾਂ ਨੂੰ, ਉਨ੍ਹਾਂ ਖੇਤਰਾਂ ਵਿੱਚ ਜਿੱਥੇ ਮਰੀਜ਼ ਜ਼ਿਆਦਾ ਹਨ, ਵਿਖੇ ਤਬਦੀਲ ਕਰਨ ਦੇ ਪ੍ਰਸਤਾਵ ਤੇ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਓ.ਓ.ਏ.ਟੀ ਕੇਂਦਰਾਂ ਤੋਂ ਇਲਾਵਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ ਕਰਕੇ ਬੁਨਿਆਦੀ ਢਾਂਚੇ ਅਤੇ ਹੋਰ ਸੁਧਾਰਾਂ ਦੇ ਕੰਮਕਾਜ ਅਤੇ ਲੋੜਾਂ ਦੀ ਜਾਂਚ ਕਰਨਗੇ।
ਉਨ੍ਹਾਂ ਸਕੂਲ ਅਤੇ ਕਾਲਜ ਜਾਣ ਵਾਲੇ ਨੌਜਵਾਨਾਂ ਨੂੰ ਨਸ਼ਿਆਂ ਦੇ ਖਤਰੇ ਤੋਂ ਸੁਚੇਤ ਰੱਖਣ ਲਈ ਰੋਕਥਾਮ ਉਪਾਅ ਵਜੋਂ ਵੱਧ ਤੋਂ ਵੱਧ ਜਾਗਰੂਕਤਾ ਦੀ ਲੋੜ ‘ਤੇ ਜ਼ੋਰ ਦਿੱਤਾ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰ ਪਾਲ ਕੌਰ, ਸਹਾਇਕ ਸਿਵਲ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਅਤੇ ਸਰਕਾਰੀ ਸਿਹਤ ਸੰਸਥਾਵਾਂ ਦੇ ਐਸ.ਐਮ.ਓਜ਼ ਅਤੇ ਮਨੋਵਿਗਿਆਨੀ ਵੀ ਸ਼ਾਮਲ ਹੋਏ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ।