ਸੰਗਰੂਰ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਸਰਕਾਰੀ ਕਾਲਜਾਂ ’ਚ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਦਾਅ ’ਤੇ ਲੱਗੀ ਹੋਈ ਹੈ। ਦੱਸ ਦਈਏ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਲੰਬੇ ਸਮੇਂ ਤੋਂ ਸਰਕਾਰੀ ਕਾਲਜਾਂ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ ਜਿਸ ਕਰਕੇ ਰੋਸ ਵਜੋਂ ਗੈਸਟ ਫੈਕਲਟੀ ਸੰਯੁਕਤ ਫਰੰਟ ਪੰਜਾਬ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਧਰਨਾ ਦਿੱਤਾ ਗਿਆ।
ਫਰੰਟ ਆਗੂ ਡਾ. ਰਵਿੰਦਰ ਸਿੰਘ, ਪ੍ਰੋ. ਗੁਰਸੇਵਕ ਸਿੰਘ, ਪ੍ਰੋ. ਗੁਰਜੀਤ ਸਿੰਘ, ਡਾ. ਪਰਮਜੀਤ ਸਿੰਘ ਅਤੇ ਪ੍ਰੋ. ਮੁਹੰਮਦ ਤਨਵੀਰ ਨੇ ਦੱਸਿਆ ਕਿ 20 ਫਰਵਰੀ ਨੂੰ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚੰਡੀਗੜ੍ਹ ਵਿਖੇ ਇਕੱਤਰਤਾ ਹੋਈ ਸੀ ਅਤੇ ਉਨ੍ਹਾਂ ਵੱਲੋਂ ਗੈਸਟ ਪ੍ਰੋਫੈਸਰਾਂ ਦਾ ਕਾਲਜਾਂ ਵਿੱਚ ਵਰਕਲੋਡ ਅਤੇ ਤਨਖਾਹ ਜਾਰੀ ਕਰਨ ਸਬੰਧੀ ਸਬੰਧਤ ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਨ ਦੇ ਨਿਰਦੇਸ਼ ਕਰ ਦਿੱਤੇ ਗਏ ਸਨ ਜੋ ਹਾਲੇ ਤੱਕ ਅਮਲ ਵਿੱਚ ਨਹੀਂ ਲਿਆਂਦੇ ਗਏ। ਅਜਿਹਾ ਨਾ ਹੋਣ ਕਾਰਨ ਕਈ ਅਧਿਆਪਕ ਬੇਹੱਦ ਪਰੇਸ਼ਾਨ ਹਨ ਕਿਉਂਕਿ ਤਨਖਾਹਾਂ ਜਾਰੀ ਨਾ ਹੋਣ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋਇਆ ਪਿਆ ਹੈ।
