ਅੰਮ੍ਰਿਤਸਰ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਖਾਪਟਨਮ ਆਂਧਰਾ ਪ੍ਰਦੇਸ਼ ਵਿਖੇ ਵੱਖ-ਵੱਖ ਸਕੂਲ/ਕਾਲਜ਼ਾਂ ਵਿੱਚ ਪੜ੍ਹਦੇ 105 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2023-24 ਦੀਆਂ ਫੀਸਾਂ ਲਈ 16 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਸਬੰਧਤ ਸਕੂਲਾਂ/ਕਾਲਜਾਂ ਦੇ ਪ੍ਰਬੰਧਕਾਂ ਨੂੰ ਸੌਂਪੀ ਗਈ। ਇਸ ਤੋਂ ਪਹਿਲਾਂ ਬੀਤੇ ਦਿਨੀਂ ਧਰਮ ਪ੍ਰਚਾਰ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸ਼ਗੜ੍ਹ ਵਿਖੇ ਵੀ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਸੀ। ਇਹ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਸੁਖਵਰਸ਼ ਸਿੰਘ ਪੰਨੂ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਵੱਲੋਂ ਪ੍ਰਬੰਧਕਾਂ ਨੂੰ ਸੌਂਪੀ ਗਈ ਹੈ।
ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਮਾਜਿਕ ਕਾਰਜਾਂ ਵਿਚ ਵੀ ਹਮੇਸ਼ਾ ਮੋਹਰੀ ਰੋਲ ਅਦਾ ਕਰਦੀ ਆ ਰਹੀ ਹੈ। ਪਿਛਲੇ ਕਈ ਸਾਲਾਂ ਤੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਸਕੂਲ/ਕਾਲਜ ਦੀਆਂ ਫੀਸਾਂ ਅਦਾ ਕੀਤੀਆਂ ਜਾਂਦੀਆਂ ਹਨ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ। ਇਸ ਮੌਕੇ ਉਨ੍ਹਾਂ ਨਾਲ ਇੰਚਾਰਜ ਸ. ਗੁਰਮੀਤ ਸਿੰਘ ਸ਼ੈਣੀ, ਸ. ਦਿਲਸ਼ਾਹ ਸਿੰਘ ਅਨੰਦ ਤੇ ਗੁਰਦੁਆਰਾ ਇੰਸਪੈਕਟਰ ਸ. ਮੋਹਨਦੀਪ ਸਿੰਘ ਵੀ ਮੌਜੂਦ ਸਨ।
