ਅੰਮ੍ਰਿਤਸਰ, 1 ਮਾਰਚ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ‘ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਤਸਕਰ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਪਤਾ ਕਰਨ ਲਈ ਹੋਰ ਜਾਂਚ ਜਾਰੀ ਹੈ।
