‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ

ਚੰਡੀਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਜੰਗ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ ਕੀਤੇ ਹਨ।

ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਉਲੀਕੀ ਗਈ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਖੁਲਾਸਾ ਕੀਤਾ ਕਿ ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਕੱਸਣ ਲਈ ਕਮੇਟੀ ਦੇ ਚਾਰ ਕੈਬਨਿਟ ਮੰਤਰੀਆਂ ਜਿੰਨ੍ਹਾਂ ਵਿੱਚ ਉਹ ਆਪ, ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਦ ਅਤੇ ਲਾਲਜੀਤ ਸਿੰਘ ਭੁੱਲਰ ਸ਼ਾਮਿਲਹਨ, ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਜਿੰਮੇਵਾਰੀ ਸੌਂਪੀ ਗਈ ਹੈ। ਪੰਜਵੇਂ ਕਮੇਟੀ ਮੈਂਬਰ ਸਿਹਤ ਮੰਤਰੀ ਡਾ: ਬਲਬੀਰ ਸਿੰਘ ਸੂਬੇ ਵਿਚ ਨਸ਼ਾ ਛੁਡਾਊ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ |

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਉਹ ਲਗਾਤਾਰ ਪਠਾਨਕੋਟ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਰੋਪੜ, ਤਰਨਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਨਿਗਰਾਨੀ ਨੂੰ ਯਕੀਨੀ ਬਣਾਉਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਲੁਧਿਆਣਾ, ਪਟਿਆਲਾ, ਕਪੂਰਥਲਾ, ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਦੀ ਨਿਗਰਾਨੀ ਕਰਨਗੇ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੰਗਰੂਰ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮਲੇਰਕੋਟਲਾ ਦੀ ਨਿਗਰਾਨੀ ਕਰਨਗੇ, ਜਦਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮਾਨਸਾ ਅਤੇ ਫਿਰੋਜ਼ਪੁਰ ਦੀ ਨਿਗਰਾਨੀ ਕਰਨਗੇ।

ਵਿੱਤ ਮੰਤਰੀ ਨੇ ਨਸ਼ਾ ਪੀੜਤਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇੰਨ੍ਹਾਂ ਮੈਂਬਰਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਦਾ ਉਦੇਸ਼ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨਾ ਹੈ, ਜਿਸ ਨਾਲ ਨਸਾ ਪੀੜਤਾਂ ਲਈ ਕਈ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਪਸ਼ਟ ਨਿਰਦੇਸ਼ਾਂ ਤਹਿਤ ਸੂਬੇ ‘ਚ ਨਸ਼ਿਆਂ ਦੀ ਤਸਕਰੀ ਨੂੰ ਅੰਤਮ ਝਟਕਾ ਦਿੱਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।