ਚੰਡੀਗੜ੍ਹ, 4 ਮਾਰਚ,ਬੋਲੇ ਪੰਜਾਬ ਬਿਊਰੋ :
ਸੰਯੁਕਤ ਕਿਸਾਨ ਮੋਰਚਾ ਦੀ 3 ਮਾਰਚ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ, ਪੰਜਾਬ ਸਰਕਾਰ ਵਲੋਂ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਆਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਅਮਰੀਕ ਸਿੰਘ ਗੰਢੂਆਂ ਨੇ ਦੱਸਿਆ ਕਿ 5 ਮਾਰਚ ਤੋਂ ਚੰਡੀਗੜ੍ਹ ’ਚ ਲਾਏ ਜਾ ਰਹੇ ਪੱਕੇ ਮੋਰਚੇ ਨੂੰ ਰੋਕਣ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਸਵੇਰੇ ਸਵੱਖਤੇ, ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਜਨਕ ਸਿੰਘ ਭੁਟਾਲ, ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ ਅਤੇ ਜਸਵੰਤ ਸਿੰਘ ਤੋਲਾਵਾਲ ਦੇ ਘਰਾਂ ’ਤੇ ਪੁਲਿਸ ਨੇ ਛਾਪੇਮਾਰੀ ਕੀਤੀ, ਪਰ ਕੋਈ ਵੀ ਆਗੂ ਹੱਥ ਨਹੀਂ ਆਇਆ। ਹਾਲਾਂਕਿ, ਅਜੈਬ ਸਿੰਘ ਜਖੇਪਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਅਮਰੀਕ ਸਿੰਘ ਗੰਢੂਆਂ ਨੇ ਪੰਜਾਬ ਸਰਕਾਰ ਦੀ ਨਿੰਦਿਆ ਕਰਦਿਆਂ ਦਾਅਵਾ ਕੀਤਾ ਕਿ ਪੁਲਿਸ ਰਾਤ ਸਮੇਂ ਕੰਧਾਂ ਟੱਪ ਕੇ ਘਰਾਂ ਵਿੱਚ ਦਾਖਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੰਗਾਂ ਮੰਨਣ ਦੀ ਬਜਾਏ, ਪੰਜਾਬ ਸਰਕਾਰ ਦਬਾਉ ਦੀ ਰਣਨੀਤੀ ਵਰਤ ਰਹੀ ਹੈ।
