ਚੰਡੀਗੜ੍ਹ, 4 ਮਾਰਚ, ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਿਸਾਨ ਆਗੂਆਂ ਨਾਲ ਬਦਸਲੂਕੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੋਮਵਾਰ ਨੂੰ ਕਿਸਾਨ ਆਗੂ ਮੁੱਖ ਮੰਤਰੀ ਦੇ ਸੱਦੇ ’ਤੇ ਪੰਜਾਬ ਭਵਨ ਪਹੁੰਚੇ ਸਨ, ਪਰ ਉਨ੍ਹਾਂ ਨਾਲ ਸੰਵਾਦ ਕਰਨ ਦੀ ਬਜਾਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ।
ਮਜੀਠੀਆ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਕਿਸਾਨਾਂ ਤੋਂ ਮੁਆਫੀ ਮੰਗਣ ਅਤੇ ਹਿਰਾਸਤ ਵਿੱਚ ਲਏ ਗਏ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਚੋਣਾਂ ਦੌਰਾਨ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ। ਹੁਣ ਜਦੋਂ ਕਿਸਾਨ ਉਨ੍ਹਾਂ ਤੋਂ ਜਵਾਬ ਮੰਗ ਰਹੇ ਹਨ, ਤਾਂ ਉਨ੍ਹਾਂ ਨੂੰ ਦਬਾਇਆ ਜਾ ਰਿਹਾ ਹੈ।
