ਚੰਡੀਗੜ੍ਹ, 4 ਮਾਰਚ,ਬੋਲੇ ਪੰਜਾਬ ਬਿਊਰੋ :
ਕਿਸਾਨੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਮਾਰਚ ਨੂੰ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਪੱਕੇ ਮੋਰਚੇ ਨੂੰ ਅਸਫਲ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਅੱਜ ਮੰਗਲਵਾਰ ਨੂੰ ਸਵੇਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਸਮੇਤ ਹੋਰਨਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਲਈ ਉਨ੍ਹਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਸਰਗਰਮ ਬਲਾਕ ਆਗੂ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਪੁਲਿਸ ਨੇ ਜਥੇਬੰਦੀ ਦੇ ਸਰਗਰਮ ਆਗੂ ਅਜੈਬ ਸਿੰਘ ਜਖੇਪਲ ਨੂੰ ਹਿਰਾਸਤ ਵਿੱਚ ਲਿਆ ਹੈ ਜਦਕਿ ਬਾਕੀ ਕਿਸਾਨ ਆਗੂ ਪੁਲਿਸ ਦੇ ਹੱਥ ਨਹੀਂ ਆਏ ਤੇ ਰੂਪੋਸ਼ ਹੋ ਗਏ ਹਨ। ਕਿਸਾਨ ਆਗੂ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਕਿਸਾਨ ਆਗੂਆਂ ਨਾਲ ਗੱਲਬਾਤ ਵਿਚਾਲੇ ਛੱਡ ਕੇ ਚਲੇ ਗਏ ਜਿਹੜਾ ਇੱਕ ਮੁੱਖ ਮੰਤਰੀ ਲਈ ਨਿੰਦਣਯੋਗ ਵਰਤਾਰਾ ਹੈ।
