ਬਠਿੰਡਾ, 4 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਬੁਢਲਾਡਾ ਤਹਿਸੀਲ ਦੇ ਬੋਹਾ ਹਲਕੇ ਵਿੱਚ ਤਾਇਨਾਤ ਪਟਵਾਰੀ ਅਮਨਦੀਪ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਪਟਵਾਰੀ ਨੇ ਇੱਕ ਵਿਅਕਤੀ ਦੀ ਭੈਣ ਦੀ 21 ਮਰਲੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਲਈ 4000 ਰੁਪਏ ਦੀ ਰਿਸ਼ਵਤ ਮੰਗੀ ਸੀ।
ਸ਼ਿਕਾਇਤਕਰਤਾ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਕਰਕੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਟੀਮ ਨੇ ਜਾਲ ਵਿਛਾਇਆ। ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ੍ਹ ਲਿਆ ਗਿਆ।
ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਅਧਿਨਿਯਮ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।
