ਬਟਾਲਾ, 13 ਮਾਰਚ,ਬੋਲੇ ਪੰਜਾਬ ਬਿਊਰੋ :
ਦੇਰ ਰਾਤ ਬਟਾਲਾ ਤੋਂ ਜੈਤੋ ਸਰਜਾ ਲਿੰਕ ਸੜਕ ’ਤੇ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਭਿਆਨਕ ਟੱਕਰ ’ਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਹਾਦਸੇ ’ਚ ਇੱਕ ਹੋਰ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋਇਆ, ਜਿਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਹਾਲਤ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਹਾਦਸਾ ਇੰਨਾ ਭਿਆਨਕ ਸੀ ਕਿ ਮਰਨ ਵਾਲੇ ਦੋਵੇਂ ਨੌਜਵਾਨਾਂ ਦੇ ਚਿਹਰੇ ਬੁਰੀ ਤਰ੍ਹਾਂ ਖਰਾਬ ਹੋ ਗਏ। ਇਸ ਸਬੰਧੀ ਏਐੱਸਆਈ ਸਤਨਾਮ ਸਿੰਘ, ਏਐੱਸਆਈ ਪਲਵਿੰਦਰ ਸਿੰਘ, ਏਐੱਸਆਈ ਅਮਰਜੀਤ ਸਿੰਘ ਥਾਣਾ ਰੰਗੜ ਨੰਗਲ ਨੇ ਦੱਸਿਆ ਕਿ ਰਾਤ ਕਰੀਬ 8:30 ਵਜੇ ਰੰਗੀਲਪੁਰ ਅਤੇ ਪਿੰਡ ਬਾਸਰਪੁਰ ਦੇ ਮੋੜ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ।
ਇਸ ਹਾਦਸੇ ਵਿੱਚ ਮੋਟਰਸਾਈਕਲ ਚਾਲਕ 24 ਸਾਲਾ ਨੌਜਵਾਨ ਰਾਜਾ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਫੁੱਲਕੇ ਅਤੇ 25 ਸਾਲਾ ਤੁਸ਼ਾਰ ਸ਼ਰਮਾ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਰਾਮ ਨਗਰ ਬਟਾਲਾ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਨੌਜਵਾਨ ਹਰਦੇਵ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਪਿੰਡ ਫੁੱਲਕੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਮੋਟਰਸਾਈਕਲ ਆਹਮੋ ਸਾਹਮਣੇ ਵੱਜਣ ਨਾਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ।
ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ। ਉਧਰ ਇਸ ਹਾਦਸੇ ’ਚ ਜ਼ਖਮੀ ਹੋਏ ਨੌਜਵਾਨ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।
