24-25-26 ਮਾਰਚ ਨੂੰ ਲਗਾਤਾਰ ਤਿੰਨ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ
ਚੰਡੀਗੜ੍ਹ 16 ਮਾਰਚ ,ਬੋਲੇ ਪੰਜਾਬ ਬਿਊਰੋ :
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕੀਤੀ ਗਈ ਔਨ ਲਾਈਨ ਮੀਟਿੰਗ ਉਪਰੰਤ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਸਵਿੰਦਰਪਾਲ ਸਿੰਘ ਮੋਲੋਵਾਲੀ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ, ਰਣਜੀਤ ਸਿੰਘ ਰਾਣਵਾਂ, ਗਗਨਦੀਪ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਗੰਡੀਵਿੰਡ, ਬਾਜ ਸਿੰਘ ਖਹਿਰਾ, ਜਗਦੀਸ਼ ਸਿੰਘ ਚਾਹਲ, ਰਤਨ ਸਿੰਘ ਮਜਾਰੀ, ਸੁਖਦੇਵ ਸਿੰਘ ਸੈਣੀ, ਐਨ.ਕੇ.ਕਲਸੀ, ਰਾਧੇ ਸ਼ਾਮ, ਜਸਵੀਰ ਤਲਵਾੜਾ, ਬੋਬਿੰਦਰ ਸਿੰਘ, ਕਰਮਜੀਤ ਸਿੰਘ ਬੀਹਲਾ, ਦਿਗਵਿਜੇ ਪਾਲ ਸ਼ਰਮਾਂ ਅਤੇ ਅਮਨ ਸ਼ਰਮਾਂ ਨੇ ਆਖਿਆ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਂਝਾ ਫਰੰਟ’ ਵੱਲੋਂ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੌਰਾਨ 24 ਮਾਰਚ ਤੋਂ 26 ਮਾਰਚ ਤੱਕ ਮੋਹਾਲੀ ਵਿਖੇ ਲਗਾਤਾਰ ਤਿੰਨ ਦਿਨ ਰੈਲੀਆਂ ਕਰਨ ਉਪਰੰਤ ਵਿਧਾਨ ਸਭਾ ਵੱਲ ਮਾਰਚ ਕੀਤੇ ਜਾਣਗੇ। ਜਿਸ ਵਿੱਚ 24 ਮਾਰਚ ਨੂੰ ਸਮੂਹ ਪੈਨਸ਼ਨਰ, 25 ਮਾਰਚ ਨੂੰ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਕੱਚੇ ਅਤੇ ਰੈਗੂਲਰ ਮੁਲਾਜ਼ਮ ਅਤੇ 26 ਮਾਰਚ ਨੂੰ ਬਿਜਲੀ ਬੋਰਡ ਦੇ ਮੁਲਾਜ਼ਮ ਸ਼ਾਮਲ ਹੋਣਗੇ।
ਸਾਂਝਾ ਫਰੰਟ ਦੇ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਅਜੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ ਅਤੇ ਛੇਵੇਂ ਤਨਖਾਹ ਕਮਿਸ਼ਨ ਦਾ ਰਹਿੰਦਾ ਦੂਜਾ ਭਾਗ ਠੰਡੇ ਬਸਤੇ ਵਿੱਚ ਪਾਇਆ ਹੋਇਆ ਹੈ ਜਦਕਿ ਕੇਂਦਰ ਸਰਕਾਰ ਵੱਲੋਂ ਅੱਠਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕਰ ਦਿੱਤੀ ਗਈ ਹੈ। ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਦੇ ਬਾਵਜੂਦ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਨਹੀਂ ਕੀਤੀ ਜਾ ਰਹੀ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਗਈ ਨੀਤੀ ਅੱਜ ਤੱਕ ਦੀਆਂ ਸਾਰੀਆਂ ਨੀਤੀਆਂ ਨਾਲੋਂ ਘਟੀਆ ਹੈ ਜਿਹੜੀ ਸਿਰਫ ਤੇ ਸਿਰਫ 58 ਸਾਲ ਤੱਕ ਸੇਵਾ ਕਰਨ ਦੀ ਹੀ ਗਰੰਟੀ ਦਿੰਦੀ ਹੈ ਅਤੇ ਹੋਰ ਕੋਈ ਵੀ ਪੱਕੇ ਮੁਲਾਜ਼ਮਾਂ ਵਾਲਾ ਲਾਭ ਨਹੀਂ ਦਿੰਦੀ, ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਪਣੇ ਵਾਅਦੇ ਤੋਂ ਭੱਜ ਕੇ ਹੁਣ ਇਸਨੂੰ ਕੇਂਦਰ ਸਰਕਾਰ ਨਾਲ ਨੂੜਿਆ ਜਾ ਰਿਹਾ ਹੈ, ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਦੁਗਣੇ ਕਰਨ ਦੇ ਆਪਣੇ ਵਾਅਦੇ ਤੋਂ ਸਰਕਾਰ ਭੱਜ ਚੁੱਕੀ ਹੈ ਅਤੇ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਆਊਟਸੋਰਸ, ਇਨਲਿਸਟਮੈਟ ਅਤੇ ਕੇਂਦਰੀ ਸਕੀਮਾਂ ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਤਨਖਾਹ ਕਮਿਸ਼ਨ ਦੇ 5 ਸਾਲ 6 ਮਹੀਨੇ ਦੇ ਬਕਾਏ ਯਕਮੁਸ਼ਤ ਅਦਾ ਕਰਨ ਦੀ ਬਜਾਏ 42 ਅਤੇ 36 ਮਹੀਨਿਆਂ ਵਿੱਚ ਦੇਣ ਦੀ ਖੋਖਲੀ ਨੀਤੀ ਅਪਣਾਈ ਜਾ ਰਹੀ ਹੈ, ਕੇਂਦਰ ਨਾਲੋਂ 11 ਪ੍ਰਤੀਸ਼ਤ ਮਹਿਗਾਈ ਭੱਤਾ ਘੱਟ ਦੇ ਕੇ ਇਸ ਨੂੰ ਡੀ-ਲਿੰਕ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਆਈ. ਏ. ਐਸ. ਅਫਸਰਾਂ ਨੂੰ ਸਭ ਕੁਝ ਦਿੱਤਾ ਜਾ ਰਿਹਾ ਹੈ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਦੱਬੇ ਹੋਏ ਹਨ, 01.01.2016 ਨੂੰ ਤਨਖਾਹ ਤੇ ਪੈਨਸ਼ਨ ਫ਼ਿਕਸ ਕਰਨ ਸਮੇਂ ਬਣਦੇ 125% ਮਹਿੰਗਾਈ ਭੱਤੇ ਨੂੰ ਆਧਾਰ ਨਹੀਂ ਮੰਨਿਆ ਜਾ ਰਿਹਾ, ਮੁਲਾਜ਼ਮਾਂ ਨੂੰ ਮਿਲ ਰਹੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਸੋਧਣ ਦੇ ਨਾਂ ‘ਤੇ ਬੰਦ ਕਰਕੇ ਰੱਖੇ ਹੋਏ ਹਨ, ਪ੍ਰੋਬੇਸ਼ਨ ਪੀਰੀਅਡ ਦੇ ਨਾਂ ‘ਤੇ ਮੁਢਲੀ ਤਨਖਾਹ ਦੇ ਕੇ ਤਿੰਨ ਸਾਲ ਤੱਕ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਜਬਰਦਸਤੀ ਕੇਂਦਰੀ ਤਨਖਾਹ ਸਕੇਲ ਥੋਪ ਦਿੱਤੇ ਗਏ ਹਨ ਅਤੇ ਵਿਕਾਸ ਦੇ ਨਾਂ ਤੇ 200 ਰੁਪਏ ਜਜੀਆ ਪਹਿਲਾਂ ਮੁਲਾਜ਼ਮਾਂ ਅਤੇ ਹੁਣ ਪੈਨਸ਼ਨਰਾਂ ਤੋਂ ਵੀ ਵਸੂਲਿਆ ਜਾ ਰਿਹਾ ਹੈ।
ਸਾਂਝੇ ਫਰੰਟ ਵੱਲੋਂ ਪੰਜਾਬ ਦੇ ਸਭ ਵਰਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 24 ਤੋਂ 26 ਮਾਰਚ ਤੱਕ ਮੋਹਾਲੀ ਵਿਖੇ ਕੀਤੀਆਂ ਜਾ ਰਹੀਆਂ ਰੈਲੀਆਂ ਅਤੇ ਮਾਰਚਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਵੀ ਕੀਤੀ ਗਈ।