ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ ,ਬੋਲੇ ਪੰਜਾਬ ਬਿਊਰੋ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹਪੁਰ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਅੰਨਗੜ੍ਹ ਦੇ ਰਹਿਣ ਵਾਲੇ ਰਣਬੀਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਭਾਰਤੀ ਅਤੇ ਵਿਦੇਸ਼ੀ ਕਰੰਸੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਇੱਕ ਐਚਪੀ ਲੈਪਟਾਪ, ਜਿਸ ਵਿੱਚ ਲੈਣ-ਦੇਣ ਦੇ ਰਿਕਾਰਡ ਸ਼ਾਮਲ ਹਨ, ਵੀ ਬਰਾਮਦ ਕੀਤਾ ਹੈ ।
ਇਹ ਸਫ਼ਲਤਾ ਸ਼ੁੱਕਰਵਾਰ ਨੂੰ ਪਿੰਡ ਹਰਦੋ ਰਤਨ ਨੇੜੇ ਮੁਲਜ਼ਮ ਗੁਰਸਾਹਿਬ ਸਿੰਘ ਅਤੇ ਜਸਵੰਤ ਸਿੰਘ ਨੂੰ 561 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਸਬੰਧੀ ਮਾਮਲੇ ਦੀ ਬਾਰੀਕੀ ਨਾਲ ਜਾਂਚ ਦੌਰਾਨ ਸਾਹਮਣੇ ਆਈ ਹੈ।
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਸਤਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 561 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਸੁਖਜੀਤ ਸਿੰਘ ਅਤੇ ਰਣਬੀਰ ਸਿੰਘ ਨਾਮੀ ਦੋ ਹਵਾਲਾ ਆਪਰੇਟਰਾਂ ਅਤੇ ਹੋਰ ਡਰੱਗ ਸਪਲਾਈ ਚੇਨਾਂ ਨਾਲ ਆਪਣੇ ਸਬੰਧਾਂ ਦਾ ਖੁਲਾਸਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਦੀਆਂ ਕਾਰਵਾਈਆਂ ਵਿੱਚ ਸਹਾਇਤਾ ਕਰ ਰਹੇ ਸਨ।
ਡੀਆਈਜੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਅੰਮ੍ਰਿਤਸਰ ਦੇ ਇੰਡੀਆ ਗੇਟ, ਛੇਹਰਟਾ ਤੋਂ ਦੋਵੇਂ ਹਵਾਲਾ ਆਪਰੇਟਰਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਐਚਪੀ ਲੈਪਟਾਪ ਅਤੇ ਭਾਰਤੀ ਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਇਸ ਹਵਾਲਾ ਨੈੱਟਵਰਕ ਵਿੱਚ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਸਟੇਸ਼ਨ ਘਰਿੰਦਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 29 ਤਹਿਤ ਐਫਆਈਆਰ ਨੰਬਰ 57 ਮਿਤੀ 14-03-2025 ਪਹਿਲਾਂ ਹੀ ਦਰਜ ਹੈ।
ਦੱਸਣਯੋਗ ਹੈ ਕਿ 1 ਮਾਰਚ, 2025 ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਬਾਰਡਰ ਰੇਂਜ ਅੰਮ੍ਰਿਤਸਰ ਦੇ ਜ਼ਿਲ੍ਹਿਆਂ ਵਿੱਚ 337 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਐਕਟ ਤਹਿਤ 192 ਮਾਮਲੇ ਦਰਜ ਕਰਕੇ ਕੀਤੇ ਗਏ ਹਨ। ਪੁਲਿਸ ਟੀਮਾਂ ਨੇ ਹੁਣ ਤੱਕ ਮੁਲਜ਼ਮਾਂ ਦੇ ਕਬਜ਼ੇ ’ਚੋਂ 41 ਕਿਲੋ ਹੈਰੋਇਨ, 1 ਕਿਲੋ ਆਈਸ, 26 ਲੱਖ ਰੁਪਏ ਅਤੇ 4000 ਅਮਰੀਕੀ ਡਾਲਰ ਡਰੱਗ ਮਨੀ, ਛੇ ਮੋਟਰਸਾਈਕਲ, ਨੌਂ ਚਾਰ ਪਹੀਆ ਵਾਹਨ ਅਤੇ 21 ਮੋਬਾਈਲ ਫੋਨ ਬਰਾਮਦ ਕੀਤੇ ਹਨ।