ਲੁਧਿਆਣਾ, 17 ਮਾਰਚ ,ਬੋਲੇ ਪੰਜਾਬ ਬਿਊਰੋ :
ਭਾਜਪਾ ਦੇ ਸਾਬਕਾ ਸੂਬਾ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਜੀਵਨ ਗੁਪਤਾ ਨੇ ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਲੁਧਿਆਣਾ ਫੇਰੀ ‘ਤੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਨੂੰ ਦੁਬਾਰਾ ਗੁੰਮਰਾਹ ਨਹੀਂ ਕਰਨਾ ਚਾਹੀਦਾ; ਉਹ ਪਹਿਲਾਂ 2022 ਵਿੱਚ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ।
ਜੀਵਨ ਗੁਪਤਾ ਨੇ ਕਿਹਾ ਕਿ ਕੇਜਰੀਵਾਲ ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਉਹ ਕਿੱਥੇ ਹੈ? ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਨਸ਼ਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਵਧ ਗਿਆ ਹੈ। ਰੇਤ ਮਾਫੀਆ ਨੂੰ ਰੋਕਣ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਦਰਅਸਲ, ਰੇਤ ਪਹਿਲਾਂ ਨਾਲੋਂ ਮਹਿੰਗੀ ਹੋ ਗਈ ਹੈ। ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਕਿਹਾ ਗਿਆ ਸੀ ਕਿ ਪੰਜਾਬ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ, ਪਰ ਸਰਕਾਰ ਨੇ ਅੱਜ ਤੱਕ ਕੁਝ ਨਹੀਂ ਕੀਤਾ। ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ, ਸਗੋਂ ਉਨ੍ਹਾਂ ਉਪਰ ਲਾਠੀਚਾਰਜ ਕੀਤਾ ਜਾਂਦਾ ਹੈ। ਪੰਜਾਬ ਵਿੱਚ ਸਿਹਤ ਸੇਵਾਵਾਂ ਠੱਪ ਹੋ ਗਈਆਂ ਹਨ ਅਤੇ ਮੁਹੱਲਾ ਕਲੀਨਿਕਾਂ ਦੇ ਨਾਮ 'ਤੇ ਪੰਜਾਬ ਦੇ ਲੋਕਾਂ ਨਾਲ ਠੱਗੀ ਮਾਰੀ ਗਈ ਹੈ ਅਤੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਫੰਡਾਂ ਦੀ ਵੀ ਦੁਰਵਰਤੋਂ ਕੀਤੀ ਗਈ ਹੈ। ਇਸ ਤੋਂ ਇਲਾਵਾ, ਕਈ ਵਾਅਦੇ ਜੋ ਕੀਤੇ ਗਏ ਸਨ, ਉਹ ਵੀ ਅਜੇ ਤਕ ਪੂਰੇ ਨਹੀਂ ਕੀਤੇ ਗਏ।
ਜੀਵਨ ਗੁਪਤਾ ਨੇ ਕਿਹਾ ਕਿ ਹੁਣ ਜਦੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਆ ਗਈ ਹੈ, ਤਾਂ ਅਰਵਿੰਦ ਕੇਜਰੀਵਾਲ ਫਿਰ ਤੋਂ ਲੁਧਿਆਣਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆ ਗਏ ਹਨ। ਜੀਵਨ ਗੁਪਤਾ ਨੇ ਕਿਹਾ ਕਿ ਦਿੱਲੀ ਦੇ ਲੋਕ ਇਹਨਾ ਨੂੰ ਸਮਝ ਗਏ ਹਨ ਅਤੇ ਇਸੇ ਲਈ ਇਹਨਾਂ ਨੇ ਉਨ੍ਹਾਂ ਦੇ ਭ੍ਰਿਸ਼ਟਾਚਾਰ ਦਾ ਜਵਾਬ ਸੱਤਾ ਤੋਂ ਲਾਂਭੇ ਕਰਕੇ ਦਿੱਤਾ ਹੈ ਅਤੇ ਹੁਣ ਲੁਧਿਆਣਾ ਦੇ ਲੋਕ ਵੀ ਇਸ ਦਾ ਜਵਾਬ ਇਹਨਾਂ ਨੂੰ ਨਕਾਰ ਕੇ ਦੇਣਗੇ।
ਜੀਵਨ ਗੁਪਤਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਤਿੰਨ ਸਾਲ ਪੂਰੀ ਤਰ੍ਹਾਂ ਫਲਾਪ ਸ਼ੋਅ ਸਾਬਤ ਹੋਏ ਹਨ। ਪੰਜਾਬ, ਖਾਸ ਕਰਕੇ ਲੁਧਿਆਣਾ ਵਿੱਚ ਉਦਯੋਗ ਦੂਜੇ ਰਾਜਾਂ ਵਿੱਚ ਜਾ ਰਹੇ ਹਨ ਪਰ ਮਾਨ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਲੁਧਿਆਣਾ ਦੇ ਉਦਯੋਗਪਤੀਆਂ ਅਤੇ ਜਨਤਾ ਨਾਲ ਕੀਤੇ ਗਏ ਵਾਅਦਿਆਂ ਵਿੱਚ, ਉਦਯੋਗ ਨੂੰ ਵੱਡੀ ਰਾਹਤ ਦੇਣ ਦੀ ਗੱਲ ਕੀਤੀ ਗਈ ਸੀ ਪਰ ਅਜਿਹਾ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਲੁਧਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਇਨ੍ਹਾਂ ਆਪਦਾ ਲਿਆਉਣ ਵਾਲਿਆਂ ਨੂੰ ਭਜਾਉਣਾ ਪਵੇਗਾ।