ਚੰਡੀਗੜ੍ਹ, 19 ਮਾਰਚ,ਬੋਲੇ ਪੰਜਾਬ ਬਿਊਰੋ :
ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ‘ਚ ਮੁੱਖ ਤੌਰ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਚਰਚਾ ਹੋਵੇਗੀ। ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣੀ ਰਿਪੋਰਟ ‘ਤੇ ਜਵਾਬ ਮੰਗਣਗੀਆਂ, ਜੋ ਉਨ੍ਹਾਂ ਨੇ ਹਾਲ ਹੀ ‘ਚ ਪੇਸ਼ ਕੀਤੀ ਸੀ।
ਇਹ ਮੀਟਿੰਗ ਮਹਾਤਮਾ ਗਾਂਧੀ ਇੰਸਟੀਚਿਊਟ, ਸੈਕਟਰ-26, ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਵੇਗੀ। ਪਹਿਲਾਂ ਇਹ ਮੀਟਿੰਗ ਸ਼ਾਮ 5 ਵਜੇ ਦੀ ਤਜਵੀਜ਼ ਸੀ ਪਰ ਹੁਣ ਇਸ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮੀਟਿੰਗ ਵਿੱਚ ਦੋਵੇਂ ਕਿਸਾਨ ਜਥੇਬੰਦੀਆਂ ਦੇ 28 ਮੈਂਬਰ ਹਿੱਸਾ ਲੈਣਗੇ। ਮੀਟਿੰਗ ਦੇ ਮੁੱਖ ਮੁੱਦਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਦਰਜ ਕੀਤੇ ਗਏ ਕੇਸ ਵਾਪਸ ਲੈਣਾ ਸ਼ਾਮਲ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਦਾਲਾਂ, ਮੱਕੀ ਅਤੇ ਕਪਾਹ ਦੀਆਂ ਫ਼ਸਲਾਂ ਦੀ ਖ਼ਰੀਦ ਲਈ ਪੰਜ ਸਾਲਾ ਯੋਜਨਾ ਪੇਸ਼ ਕਰ ਸਕਦੀ ਹੈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਐਂਬੂਲੈਂਸ ਰਾਹੀਂ ਖਨੌਰੀ ਮੋਰਚੇ ਤੋਂ ਚੰਡੀਗੜ੍ਹ ਪੁੱਜਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਕਿਸਾਨ ਮੀਟਿੰਗ ਵਿੱਚ ਜ਼ੋਰਦਾਰ ਢੰਗ ਨਾਲ ਆਪਣਾ ਪੱਖ ਪੇਸ਼ ਕਰਨਗੇ।
