ਮੋਹਾਲੀ 22 ਮਿਾਰਚ ,ਬੋਲੇ ਪੰਜਾਬ ਬਿਊਰੋ;
ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੋਹਾਲੀ ਇਕਾਈ ਦੇ ਆਗੂਆਂ ਜਸਵੀਰ ਸਿੰਘ ਗੜਾਂਗ , ਗੁਰਮਨਜੀਤ ਸਿੰਘ , ਦਵਿੰਦਰ ਸਿੰਘ , ਸੁਰਜੀਤ ਸ਼ਰਮਾ , ਸਤਿੰਦਰਜੀਤ ਕੌਰ ਅਤੇ ਅਮਰਜੀਤ ਕੌਰ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਹਾਇਸ਼ ਵਿਖੇ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਵੱਲੋਂ ਜੋ 6 ਅਪ੍ਰੈਲ ਨੂੰ ਧਰਨਾ ਦਿੱਤਾ ਜਾ ਰਿਹਾ ਹੈ, ਉਸ ਵਿੱਚ ਜ਼ਿਲ੍ਹਾ ਮੋਹਾਲੀ ਤੋ ਵੱਧ ਚੜ੍ਹਕੇ ਹਿੱਸਾ ਲਿਆ ਜਾਵੇਗਾ। ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਫੈਡਰੇਸ਼ਨ ਪੰਜਾਬ ਦੀ ਮੌਜੂਦਾ ਸਰਕਾਰ ਤੋ ਪਿਛਲੇ 3 ਸਾਲਾਂ ਤੋਂ , “ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟੇਗਰੀ ਦਾ ਚੇਅਰਮੈਨ ਲਾਉਣ ਦੀ ਮੰਗ ਕਰਦੀ ਆ ਰਹੀ ਹੈ, ਪਰ ਪੰਜਾਬ ਸਰਕਾਰ ਚੇਅਰਮੈਨ ਲਾਉਣ ਲਈ ਬਿਨਾ ਵਜ੍ਹਾ ਦੇਰੀ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 3 ਸਾਲ ਦਾ ਸਮਾਂ ਬੀਤ ਜਾਣ ਤੇ ਵੀ ਇਸ ਕਮਿਸ਼ਨ ਦਾ ਨਾ ਹੀ ਕੋਈ ਦਫ਼ਤਰੀ ਅਮਲਾ ਲਾਇਆ ਗਿਆ ਅਤੇ ਨਾ ਹੀ ਕੋਈ ਵਾਈਸ ਚੇਅਰਮੈਨ ਅਤੇ ਮੈਂਬਰਜ਼ ਨਿਯੁਕਤ ਕੀਤੇ ਗਏ ਹਨ। ਇਥੋਂ ਤੱਕ ਕਿ ਸੁਣਵਾਈ ਲਈ ਫੈਡਰੇਸ਼ਨ ਦੇ ਸੂਬਾਈ ਅਹੁਦੇਦਾਰਾਂ ਨੂੰ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ। ਜਨਰਲ ਵਰਗ ਦੇ ਲੋਕਾਂ ਪ੍ਰਤੀ ਪੰਜਾਬ ਸਰਕਾਰ ਦੇ ਪੱਖਪਾਤ ਵਤੀਰੇ ਨੂੰ ਦੇਖਦੇ ਹੋਏ ਪੰਜਾਬ ਦੇ ਜਨਰਲ ਕੈਟੇਗਰੀ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਅਜੋਕੇ ਸਮੇ ਵਿੱਚ ਜਨਰਲ ਵਰਗ ਦੇ ਲੋਕ ਵੀ ਗਰੀਬੀ ਵਾਲਾ ਜੀਵਨ ਬਸਰ ਕਰ ਰਹੇ ਹਨ। ਆਗੂਆਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵਜੀਫਾ ਯੋਜਨਾ ਤਹਿਤ ਜੋ ਰਾਸ਼ੀ ਜਨਰਲ ਵਰਗ ਦੇ ਕਾਲਜਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਰੱਖੀ ਜਾਂਦੀ ਹੈ ਉਹ ਉਹਨਾਂ ਵਿਦਿਆਰਥੀਆਂ ਤੱਕ ਨਹੀਂ ਪਹੁੰਚ ਰਹੀ ਅਤੇ ਉਹਨਾਂ ਨੇ ਇਸ ਵਜ਼ੀਫ਼ਾ ਰਾਸ਼ੀ ਨੂੰ ਵਧਾਉਣ ਦੀ ਮੰਗ ਵੀ ਰੱਖੀ। ਸਿੱਖਿਆ ਵਿਭਾਗ ਵਿੱਚ ਤਰੱਕੀਆਂ ਅਤੇ ਸਿੱਧੀ ਭਰਤੀ ਦਾ ਕੋਟਾ 50:50 ਫ਼ੀਸਦੀ ਕਰਨ ਕਰਕੇ ਲੈਕਚਰਾਰਾ ਤੋ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਨਹੀਂ ਹੋ ਰਹੀਆਂ, ਜਿਸ ਕਾਰਨ 31-32 ਸਾਲਾਂ ਦੀ ਸੇਵਾ ਕਰਨ ਉਪਰੰਤ ਲੈਕਚਰਾਰ ਬਿਨਾ ਤਰੱਕੀ ਤੋ ਹੀ ਸੇਵਾ ਮੁਕਤ ਹੋ ਰਹੇ ਹਨ ਅਤੇ ਸਕੂਲ ਪ੍ਰਿੰਸੀਪਲਾਂ ਤੋ ਸੱਖਣੇ ਚੱਲ ਰਹੇ ਹਨ। ਤਰੱਕੀ ਦਾ ਕੋਟਾ ਪਹਿਲਾਂ ਦੀ ਤਰ੍ਹਾਂ 75 ਫ਼ੀਸਦੀ ਕਰਕੇ ਬਿਨਾ ਦੇਰੀ ਤੋ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕੀਤੀਆਂ ਜਾਣ। ਫੈਡਰੇਸ਼ਨ ਦੇ ਜ਼ਿਲਾ ਮੀਤ ਪ੍ਰਧਾਨ ਜਸਬੀਰ ਸਿੰਘ ਗੋਸਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਫੈਡਰੇਸ਼ਨ ਦੀਆਂ ਇਹਨਾਂ ਦੋ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਸੁਨਾਮ ਦੇ ਧਰਨੇ ਵਿਚ ਲੈਕਚਰਾਰਾਂ ਵੱਲੋਂ ਵੀ ਵੱਧ ਚੜ੍ਹਕੇ ਸਮੂਲੀਅਤ ਕੀਤੀ ਜਾਵੇਗੀ।
ਫੈਡਰੇਸ਼ਨ ਦਿਆਂ ਆਗੂਆਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਫੈਡਰੇਸ਼ਨ ਨੂੰ ਧਰਨਾ ਲਾਉਣ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਜਨਰਲ ਕੈਟੇਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਕਰਕੇ ਦਫਤਰੀ ਅਮਲਾ ਲਾਇਆ ਜਾਵੇ ਅਤੇ ਲੈਕਚਰਾਰਾਂ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਬਿਨਾ ਕਿਸੀ ਦੇਰੀ ਤੋ ਕੀਤੀਆਂ ਜਾਣ ਤਾਂ ਕਿ ਪੰਜਾਬ ਦੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਨੂੰ ਭਰਿਆ ਜਾ ਸਕੇ।