ਫਤਹਿਗੜ੍ਹ ਸਾਹਿਬ, 22 ਮਾਰਚ,ਬੋਲੇ ਪੰਜਾਬ ਬਿਊਰੋ :
ਮੰਡੀ ਗੋਬਿੰਦਗੜ੍ਹ ਦੇ ਪ੍ਰੀਤ ਨਗਰ ਵਿਖੇ ਇੱਕ ਵਪਾਰੀ ਦੇ ਦਫ਼ਤਰ ’ਚ ਹੋਈ 15.50 ਲੱਖ ਰੁਪਏ ਦੀ ਲੁੱਟ ਦੇ ਕੇਸ ’ਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ 2 ਹੋਰ ਦੀ ਭਾਲ ਜਾਰੀ ਹੈ।
ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਤਹਿਗੜ੍ਹ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁੱਟ ਦੀ ਘਟਨਾ ਤੋਂ ਬਾਅਦ, ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰਕੇ 7 ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਮੁਲਜ਼ਮਾਂ ਕੋਲੋਂ 32 ਬੋਰ ਦੇ 3 ਪਿਸਟਲ,8 ਲੱਖ ਰੁਪਏ ਨਕਦ, ਇੱਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਤੇ ਲੁੱਟ ’ਚ ਵਰਤੀ ਗਈ ਸਵਿਫਟ ਕਾਰ ਬਰਾਮਦ ਹੋਈ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੁੱਟ ਦੀ ਯੋਜਨਾ ਪੂਰੀ ਤਰ੍ਹਾਂ ਸੋਚ-ਵਿਚਾਰ ਕਰਕੇ ਬਣਾਈ ਗਈ ਸੀ। ਹਾਲਾਂਕਿ, ਇਸ ਘਟਨਾ ਵਿੱਚ ਸ਼ਾਮਲ 2 ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਪੁਲਿਸ ਉਨ੍ਹਾਂ ਦੀ ਜਲਦੀ ਗ੍ਰਿਫਤਾਰੀ ਦੇ ਦਾਅਵੇ ਕਰ ਰਹੀ ਹੈ।
ਥਾਣਾ ਮੰਡੀ ਗੋਬਿੰਦਗੜ੍ਹ ਵਿੱਚ ਲੁੱਟ ਦਾ ਕੇਸ ਦਰਜ਼ ਕਰ ਲਿਆ ਗਿਆ ਸੀ, ਜਿਸ ਦੇ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਇਹ ਗੈਂਗ ਪਹਿਲਾਂ ਵੀ ਕਈ ਵਾਰ ਲੁੱਟ ਦੀਆਂ ਘਟਨਾਵਾਂ ’ਚ ਸ਼ਾਮਲ ਰਿਹਾ ਹੈ।
