ਚੰਡੀਗੜ੍ਹ 23 ਮਾਰਚ ,ਬੋਲੇ ਪੰਜਾਬ ਬਿਊਰੋ :
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦੇ ਸੱਤ ਖਾਲਿਸਤਾਨ ਸਮਰਥਕਾਂ ਵਾਂਗ ਪੰਜਾਬ ਸਰਕਾਰ ਹੁਣ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦੋ ਹੋਰ ਸਾਥੀਆਂ ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ’ਤੇ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਹਟਾ ਸਕਦੀ ਹੈ।
ਦਰਅਸਲ, ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਐਨਐਸਏ ਦੀ ਮਿਆਦ 22 ਮਾਰਚ ਨੂੰ ਖਤਮ ਹੋ ਗਈ ਹੈ ਅਤੇ ਅਜੇ ਤੱਕ ਐਨਐਸਏ ਦੀ ਮਿਆਦ ਵਧਾਉਣ ਦਾ ਕੋਈ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਸੀਨੀਅਰ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਜੇ ਤੱਕ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੀ ਐਨਐਸਏ ਦੀ ਮਿਆਦ ਵਧਾਉਣ ਜਾਂ ਇਸ ਨਾਲ ਸਬੰਧਤ ਕੋਈ ਹੋਰ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ।
ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਹੁਣ ਅੰਮ੍ਰਿਤਪਾਲ ਸਿੰਘ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਉਹ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਦੋ ਹੋਰ ਸਾਥੀਆਂ ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਨੂੰ ਅੰਮ੍ਰਿਤਸਰ, ਪੰਜਾਬ ਲਿਆ ਸਕਦੇ ਹਨ ਅਤੇ ਉਨ੍ਹਾਂ ਨੂੰ 2023 ਵਿੱਚ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੀ ਜਾਂਚ ਵਿੱਚ ਸ਼ਾਮਲ ਕਰ ਸਕਦੇ ਹਨ।