ਬਟਾਲਾ, 24 ਮਾਰਚ,ਬੋਲੇ ਪੰਜਾਬ ਬਿਊਰੋ :
ਸ਼ਹਿਰ ਦੇ ਫਤਿਹਗੜ੍ਹ ਚੂੜੀਆਂ ਦੇ ਮਸੀਹੀ ਇਲਾਕੇ ਵਿੱਚ ਸਥਿਤ ਇੱਕ ਗਰੀਬ ਪਰਿਵਾਰ ਦੇ ਘਰ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਧਰਮਪਾਲ ਨੇ ਆਪਣੀ ਪਤਨੀ ਸ਼ਿੰਦੀ ਦੀ ਹਾਜ਼ਰੀ ‘ਚ ਦੁਖੀ ਹਿਰਦੇ ਨਾਲ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਦੇ ਬਾਹਰ ਬੈਠਾ ਸੀ ਤਾਂ ਉਸ ਦੇ ਗੁਆਂਢੀਆਂ ਨੇ ਉਸ ਦੇ ਘਰ ਦੇ ਕਮਰੇ ‘ਚੋਂ ਧੂੰਆਂ ਨਿਕਲਦਾ ਦੇਖ ਕੇ ਰੌਲਾ ਪਾਇਆ, ਜਿਸ ਤੋਂ ਤੁਰੰਤ ਬਾਅਦ ਉਸ ਨੇ ਆਪਣੇ ਕਮਰੇ ‘ਚ ਜਾ ਕੇ ਦੇਖਿਆ ਕਿ ਕਮਰੇ ‘ਚ ਅੱਗ ਲੱਗੀ ਹੋਈ ਸੀ ਅਤੇ ਅੰਦਰ ਪਿਆ ਸਾਰਾ ਸਾਮਾਨ ਅੱਗ ਕਾਰਨ ਸੜਿਆ ਗਿਆ ਸੀ।
ਧਰਮਪਾਲ ਨੇ ਅੱਗੇ ਦੱਸਿਆ ਕਿ ਇਸ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਉਸ ਨੇ ਦੱਸਿਆ ਕਿ ਕਮਰੇ ਵਿੱਚ ਬੇਟੀ ਦੇ ਵਿਆਹ ਦਾ ਸਾਮਾਨ ਵੀ ਪਿਆ ਸੀ, ਜੋ ਸੜ ਕੇ ਸੁਆਹ ਹੋ ਗਿਆ।
